ਝੋਨੇ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾਵੇ: ਮਾਨ
w ਮੁੱਖ ਮੰਤਰੀ ਵੱਲੋਂ ਖ਼ਰੀਦ ਕਾਰਜਾਂ ਦੀ ਸਮੀਖਿਆ; ਕਿਸਾਨਾਂ ਨੂੰ ਫ਼ਸਲ ਸੁਕਾ ਕੇ ਲਿਆਉਣ ਦੀ ਅਪੀਲ /ਕਿਸਾਨਾਂ ਨੂੰ ਪ੍ਰੇਸ਼ਾਨੀ ਲਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਫ਼ਸਲਾਂ ਦੀ ਸੁਚਾਰੂ ਤੇ ਸਮਾਂਬੱਧ ਢੰਗ ਨਾਲ ਖ਼ਰੀਦ ਯਕੀਨੀ ਬਣਾਉਣ ਲਈ ਖ਼ਰੀਦ ਕਾਰਜਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਮੰਡੀ ਵਿੱਚ ਆਉਂਦੇ ਸਾਰ ਖ਼ਰੀਦ ਅਤੇ ਸਿਰ ਅਦਾਇਗੀ ਯਕੀਨੀ ਬਣਾਈ ਜਾਵੇੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 175 ਲੱਖ ਟਨ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਮੰਡੀ ਵਿੱਚ ਦਿੱਕਤ ਆਈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਜਾਵੇਗਾ।