ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 6 ਅਕਤੂਬਰ
ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪਿੰਡ ਮਿਆਣੀ ਦੇ ਓਪਨ ਜਿਮ ਵਾਸਤੇ 2 ਲੱਖ ਰੁਪਏ ਅਤੇ ਦਸਹਿਰਾ ਨੂੰ 5 ਲੱਖ ਰੁਪਏ ਦੀ ਰਾਸ਼ੀ ਸਰਕਾਰੀ ਹਾਈ ਸਕੂਲ ਦੇ ਵਿਕਾਸ ਲਈ ਕੁੱਲ 7 ਲੱਖ ਰੁਪਏ ਦੀ ਗਰਾਂਟ ਪਿੰਡ ਵਾਸੀਆਂ ਨੂੰ ਸੌਂਪੀ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ, ਜਿਸ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਐੱਮਪੀ ਤਿਵਾੜੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੇਖ-ਰੇਖ ਹੇਠ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਤਾਂ ਜੋ ਪਿੰਡਾਂ ਦੇ ਵਿਕਾਸ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾ ਸਕਣ। ਇਸ ਮੌਕੇ ਰਮੇਸ਼ ਚੰਦਰ, ਸਰਪੰਚ ਚਰਨਜੀਤ ਸਿੰਘ, ਜਗਜੀਤ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਲੋਕ ਸਭਾ ਮੈਂਬਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਐੱਸ.ਏ.ਐੱਸ.ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਖਿਆ ਹੈ ਕਿ ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਉਹ ਫੇਜ਼ ਚਾਰ ਦੀ ਪ੍ਰੋਗਰੈਸਿਵ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਵੱਲੋਂ ਕਰਵਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਸ੍ਰੀ ਤਿਵਾੜੀ ਨੇ ਆਖਿਆ ਕਿ ਪੰਜਾਬ ਦਾ ਵਿਕਾਸ ਹਮੇਸ਼ਾ ਕਾਂਗਰਸ ਦੇ ਕਾਰਜਕਾਲ ਸਮੇਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕਈਂ ਥਾਵਾਂ ਉੱਤੇ ਹੁਣ ਸਰਕਾਰ ਬਦਲਣ ਮਗਰੋਂ ਵਿਕਾਸ ਕੰਮਾਂ ਵਿੱਚ ਖੜੋਤ ਆ ਚੁੱਕੀ ਹੈ।