ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ
ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ ਸਰਕਾਰ ਵੱਲੋਂ ਆਰਟੀਆਈ ਐਕਟ ਦਾ ਦਾਇਰਾ ਘਟਾ ਕੇ ਕੀਤੀਆਂ ਗਈ ਸੋਧਾਂ ਨੂੰ ਲੋਕ ਪੱਖੀ ਕਾਨੂੰਨ ਦੀ ਹੱਤਿਆ ਅਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਕਰਾਰ ਦਿੱਤਾ ਹੈ। ‘ਆਪ’ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਐਡਵੋਕੇਟ ਦਿਨੇਸ਼ ਚੱਢਾ ਅਤੇ ਨੀਲ ਗਰਗ ਨੇ ਕਿਹਾ, ‘‘ਸੂਚਨਾ ਪ੍ਰਾਪਤੀ ਅਧਿਕਾਰ ਕਾਨੂੰਨ ਲਾਗੂ ਹੋਣ ਨਾਲ ਦੇਸ਼ ਦੇ ਲੋਕ ਤਾਕਤਵਰ ਹੋ ਗਏ ਹਨ ਅਤੇ ਉਹ ਸਿਆਸੀ ਆਗੂਆਂ ਸਮੇਤ ਸਰਕਾਰੀ ਅਧਿਕਾਰੀਆਂ ਦੇ ਕਾਲੇ-ਚਿੱਟੇ ਕਾਰਨਾਮਿਆਂ ਦੀ ਜਾਣਕਾਰੀ ਪ੍ਰਾਪਤ ਕਰਨ ਲੱਗੇੇ ਹਨ, ਜਿਸ ਤੋਂ ਡਰ ਕੇ ਕਾਂਗਰਸ ਸਰਕਾਰ ਨੇ ਸੂਚਨਾ ਪ੍ਰਾਪਤੀ ਕਾਨੂੰਨ ਵਿੱਚ ਕੋਝੀਆਂ ਸੋਧਾਂ ਕਰ ਕੇ ਪੰਜਾਬ ਸਮੇਤ ਦੇਸ਼ ਦੇ ਲੋਕਾਂ ਨੂੰ ਅਸਹਿ ਤੇ ਲਾਚਾਰ ਬਣਾ ਦਿੱਤਾ ਹੈ।’’
ਸ੍ਰੀ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਗਏ ਗਲਤ ਕੰਮਾਂ ’ਤੇ ਪਰਦਾ ਪਾਉਣ ਲਈ ਅਜਿਹੇ ਲੋਕ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ। ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਨਿੱਜੀ ਜਾਣਕਾਰੀ ਦੇ ਨਾਂ ’ਤੇ ਆਪਣੀ ਕਾਰਗੁਜ਼ਾਰੀ ਦਾ ਸੱਚ ਛੁਪਾਉਣ ਦਾ ਯਤਨ ਕਰ ਰਹੀ ਹੈ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਲੋਕ ਮਾਰੂ ਸੋਧਾਂ ਨੂੰ ਤੁਰੰਤ ਵਾਪਸ ਲਵੇ ਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪਾਰਟੀ ਸੂਬੇ ਭਰ ’ਚ ਸੰਘਰਸ਼ ਸ਼ੁਰੂ ਕਰੇਗੀ।