ਆਤਿਸ਼ ਗੁਪਤਾ
ਚੰਡੀਗੜ੍ਹ, 3 ਅਕਤੂਬਰ
ਕੇਂਦਰੀ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ’ਚ ਝੋਨੇ ਦੀ ਫ਼ਸਲ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਧਰਨਿਆਂ ਦੀ ਮਜ਼ਬੂਤੀ ਲਈ ਵਹੀਰਾਂ ਘੱਤ ਲਈਆਂ ਹਨ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਵੱਲ ਰਵਾਨਾ ਹੋਏ। ਇਸੇ ਤਰ੍ਹਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ’ਚ ਕਾਰਪੋਰੇਟ ਘਰਾਣਿਆਂ, ਰੇਲਵੇ ਪਾਰਕਾਂ, ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਸਾਹਮਣੇ 125 ਥਾਵਾਂ ’ਤੇ ਧਰਨੇ ਜਾਰੀ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ’ਚ ਵਾਪਰੀ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ’ਤੇ ਭਾਜਪਾ ਦੇ ਕੇਂਦਰੀ ਮੰਤਰੀ ਅਤੇ ਉਸ ਦੇ ਪੁੱਤਰ ਨਾਲ ਜੁੜੇ ਕਾਫ਼ਲੇ ਨੇ ਪ੍ਰਦਰਸ਼ਨਕਾਰੀਆਂ ’ਤੇ ਗੱਡੀ ਚੜ੍ਹਾ ਦਿੱਤੀ। ਇਸ ਦੌਰਾਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ ਹੈ ਜਦਕਿ 10 ਦੇ ਕਰੀਬ ਜ਼ਖ਼ਮੀ ਹਨ।
ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਦੇ ਏਕੇੇ ਮੂਹਰੇ ਝੁਕਣਾ ਪਿਆ ਹੈ, ਜਿਸ ਤਹਿਤ 11 ਅਕਤੂਬਰ ਤੋਂ ਖਰੀਦ ਦੇ ਆਦੇਸ਼ਾਂ ਨੂੰ ਵਾਪਸ ਲੈਂਦਿਆਂ ਤਿੰਨ ਅਕਤੂਬਰ ਤੋਂ ਹੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਜਿੱਤ ਭਾਜਪਾ ਆਗੂਆਂ ਨੂੰ ਬਰਦਾਸ਼ਤ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਘਰ ਨਹੀਂ ਜਾਵੇਗਾ।