ਆਤਿਸ਼ ਗੁਪਤਾ
ਚੰਡੀਗੜ੍ਹ, 10 ਜੂਨ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਦਿੱਲੀ ਵੱਲ ਕੂਚ ਕਰਨ ਦੇ ਸੱਦੇ ਤਹਿਤ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਵੱਲ ਵਹੀਰਾਂ ਘੱਤ ਦਿੱਤੀਆਂ ਹਨ। ਅੱਜ ਵੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਪਾਣੀਪਤ ’ਚੋਂ ਹਜ਼ਾਰਾਂ ਵਾਹਨ ਦਿੱਲੀ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਲਗਾਤਾਰ ਚਾਰ ਦਿਨਾਂ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਕੌਮੀ ਰਾਜਧਾਨੀ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਕਿਸਾਨਾਂ ’ਤੇ ਜਬਰੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਕਿਸਾਨ ਪਹਿਲੇ ਦਿਨ ਤੋਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਛੇ ਮਹੀਨੇ ਤੋਂ ਠੰਢੀਆਂ ਰਾਤਾਂ ਤੇ ਹੁਣ ਤਪਦੀ ਧੁੱਪ ਵਿੱਚ ਬੈਠਾ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਨੂੰ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਹੈ। ਇਸ ਸੰਘਰਸ਼ ਦੌਰਾਨ ਕਰੀਬ 450 ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਹਾਲੇ ਵੀ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। ਸ੍ਰੀ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਆਗੂਆਂ ’ਤੇ ਕੇਸ ਦਰਜ ਕਰ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਲੋਕਾਂ ਦੀ ਆਵਾਜ਼ ਦਬਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਵਿਚ ਗੁੱਸਾ ਵਧਦਾ ਜਾ ਰਿਹਾ ਹੈ ਅਤੇ ਇਹ ਗੁੱਸਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀਆਂ ਚੋਣਾਂ ’ਚ ਵੀ ਦਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਕੇ ਘੱਟੋ-ਘੱਟ ਸਮਰਥਨ ਮੁੱਲ ’ਤੇ ਫ਼ਸਲਾਂ ਖਰੀਦਣ ਸਬੰਧੀ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋਣਗੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।