ਚਰਨਜੀਤ ਭੁੱਲਰ
ਚੰਡੀਗੜ੍ਹ, 2 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕਿਸਾਨੀ ਮੰਗਾਂ ਮੰਨਣ ਦੇ ਐਲਾਨ ਮਗਰੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਨੇ ਭਲਕੇ ਤਿੰਨ ਅਗਸਤ ਨੂੰ ਪੰਜਾਬ ਵਿਚ ਅਣਮਿਥੇ ਸਮੇਂ ਲਈ ਸ਼ੁਰੂ ਹੋਣ ਵਾਲੇ ਕਿਸਾਨ ਧਰਨੇ ਮੁਲਤਵੀ ਕਰ ਦਿੱਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿੱਚ ਗ਼ੈਰ ਸਿਆਸੀ ਮੋਰਚੇ ਵਿੱਚ ਸ਼ਾਮਲ ਡੇਢ ਦਰਜਨ ਕਿਸਾਨ ਧਿਰਾਂ ਦੇ ਆਗੂਆਂ ਨੇ ਭਖਦੇ ਕਿਸਾਨ ਮਸਲਿਆਂ ’ਤੇ ਮੁੱਖ ਮੰਤਰੀ ਨਾਲ ਕਰੀਬ ਚਾਰ ਘੰਟੇ ਚਰਚਾ ਕੀਤੀ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਉੱਚ ਅਧਿਕਾਰੀ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਆਗੂਆਂ ਨੇ ਤਸੱਲੀ ਜ਼ਾਹਰ ਕਰਦਿਆਂ ਭਲਕੇ ਦਿੱਤੇ ਜਾਣ ਵਾਲੇ ਧਰਨਾ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦੇ ਬਕਾਏ ਦਾ 7 ਸਤੰਬਰ ਤੱਕ ਭੁਗਤਾਨ ਕਰ ਦਿੱਤਾ ਜਾਵੇਗਾ। 100 ਕਰੋੋੜ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਫਗਵਾੜਾ ਮਿੱਲ ਦੇ ਬਕਾਏ ਦੇ ਭੁਗਤਾਨ ਲਈ ਮਿੱਲ ਦੀ ਪ੍ਰਾਪਰਟੀ ਵੇਚੀ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਅਗਸਤ ਤੱਕ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਬਕਾਇਆ ਵਿੱਤੀ ਮਦਦ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨੀ ਫ਼ਸਲ ਦੀ ਭਰਪਾਈ ਕੀਤੀ ਜਾਵੇਗੀ। ਮੁੱੱਖ ਮੰਤਰੀ ਨੇ ਐਲਾਨ ਕੀਤਾ ਕਿ ਘੋਲਾਂ ਦੌਰਾਨ ਦਰਜ ਪੁਲੀਸ ਕੇਸ ਵਾਪਸ ਲਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਵਿਚ ਵਪਾਰੀ ਵਰਗ, ਮਜ਼ਦੂਰਾਂ ਅਤੇ ਬੇਰੁਜ਼ਗਾਰ ਧਿਰਾਂ ਨਾਲ ਵੀ ਮੀਟਿੰਗਾਂ ਕਰਨਗੇ। ਉਨ੍ਹਾਂ ਸੰਘਰਸ਼ੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਥੋੜ੍ਹਾ ਸਮਾਂ ਉਡੀਕ ਕਰਨ, ਉਨ੍ਹਾਂ ਦੇ ਮਸਲੇ ਦਾ ਹੱਲ ਕੀਤਾ ਜਾਵੇਗਾ। ਸ੍ਰੀ ਮਾਨ ਨੇ ਇਹ ਵੀ ਦੱਸਿਆ ਕਿ ਨਹਿਰੀ ਢਾਂਚੇ ਦੇ ਸੁਧਾਰ ਲਈ ਕੇਂਦਰ ਸਰਕਾਰ ਨੂੰ ਪ੍ਰਾਜੈਕਟ ਬਣਾ ਕੇ ਭੇਜਿਆ ਗਿਆ ਹੈ। ਧਰਤੀ ਹੇਠਲੇ ਪਾਣੀ ਦੇ ਬਚਾਅ ਲਈ ਇਜਰਾਈਲ ਦੀ ਕੰਪਨੀ ਦੀ ਮਦਦ ਲਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਮੁਆਵਜ਼ੇ ਦੀ ਉਠਾਈ ਮੰਗ ’ਤੇ ਟਿੱਪਣੀ ਕੀਤੀ ਕਿ ਬਾਦਲਾਂ ਨੇ ਹੀ ਖੇਤੀ ਨੂੰ ਬਰਬਾਦ ਕੀਤਾ ਹੈ। ਅੱਜ ਇੱਥੇ ਕਰੀਬ ਸਾਢੇ ਪੰਜ ਵਜੇ ਮੁੱਖ ਮੰਤਰੀ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਸ਼ੁਰੂ ਹੋਈ ਜੋ ਕਿ ਦੇਰ ਸ਼ਾਮ 9 ਵਜੇ ਤੱਕ ਚੱਲਦੀ ਰਹੀ। ਇਸ ਵਿਚ ਜਗਜੀਤ ਸਿੰਘ ਡੱਲੇਵਾਲ, ਇੰਦਰਜੀਤ ਸਿੰਘ ਕੋਟਬੁੱਢਾ, ਸੁਖਜਿੰਦਰ ਸਿੰਘ ਖੋਸਾ, ਗੁਰਚਰਨ ਸਿੰਘ ਭੀਖੀ ਆਦਿ ਵੀ ਸ਼ਾਮਿਲ ਸਨ।
ਚੇਤੇ ਰਹੇ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਵੱਲੋਂ ਭਲਕੇ ਤਿੰਨ ਅਗਸਤ ਤੋਂ ਪੰਜਾਬ ਵਿਚ ਅੱਧੀ ਦਰਜਨ ਥਾਵਾਂ ’ਤੇ ਅਣਮਿਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਨ੍ਹਾਂ ਕਿਸਾਨ ਧਿਰਾਂ ਵੱਲੋਂ ਮੁੱਖ ਤੌਰ ’ਤੇ ਕਿਸਾਨਾਂ ਵੱਲੋਂ ਵਾਹੀ ਜਾ ਚੁੱਕੀ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਦੇ ਹੁਕਮ ਕਰ ਕੇ ਮੁਆਵਜ਼ਾ ਦੇਣ ਦੀ ਮੰਗ ਰੱਖੀ ਗਈ। ਫਾਜ਼ਿਲਕਾ ਖੇਤਰ ਵਿਚ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਭਰਪਾਈ ਮੰਗੀ ਗਈ।
ਕਿਸਾਨ ਆਗੂਆਂ ਨੇ ਮੰਗ ਉਠਾਈ ਕਿ ਗੰਨਾ ਕਾਸ਼ਤਕਾਰਾਂ ਨੂੰ ਬਕਾਏ ਜਾਰੀ ਕੀਤੇ ਜਾਣ। ਇਹ ਵੀ ਮੰਗ ਕੀਤੀ ਕਿ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਅਤੇ ਬਕਾਇਆ ਪਏ ਕੇਸਾਂ ਵਿਚ ਪੰਜ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇ।
ਸੱਤ ਸਤੰਬਰ ਨੂੰ ਮੁੜ ਮੀਟਿੰਗ ਹੋਵੇਗੀ: ਡੱਲੇਵਾਲ
ਬੀਕੇਯੂ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਮੀਟਿੰਗ ਮਗਰੋਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੰਗਾਂ ਮੰਨ ਲਏ ਜਾਣ ਕਰ ਕੇ ਭਲਕੇ ਦਿੱਤੇ ਜਾਣ ਵਾਲੇ ਧਰਨੇ ਮੁਲਤਵੀ ਕਰ ਦਿੱਤੇ ਗਏ ਹਨ। 7 ਸਤੰਬਰ ਨੂੰ ਮੁੜ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਮੰਗ ਮੰਨ ਲਈ ਹੈ ਕਿ ਨਰਮਾ ਪੱਟੀ ਦੇ ਕਿਸਾਨਾਂ ਵੱਲੋਂ ਫ਼ਸਲ ਬਚਾਉਣ ਲਈ ਜੋ ਵੀ ਖ਼ਰਚਾ ਕੀਤਾ ਗਿਆ ਹੈ, ਉਸ ਦੀ ਭਰਪਾਈ ਸਰਕਾਰ ਕਰੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਕੇਸ ਵਾਪਸ ਲਏ ਜਾ ਰਹੇ ਹਨ।