ਦਵਿੰਦਰ ਪਾਲ
ਚੰਡੀਗੜ੍ਹ, 18 ਮਾਰਚ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਲਗਾਏ ਪੱਕੇ ਮੋਰਚਿਆਂ ’ਤੇ ਅੱਜ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ, ਬੀਕੇਯੂ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਹੋਰਨਾਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ 32 ਕਿਸਾਨ-ਜਥੇਬੰਦੀਆਂ ਵੱਲੋਂ ਚੱਲਦੇ ਪੱਕੇ ਮੋਰਚੇ ਭਲਕੇ 19 ਮਾਰਚ ਦਾ ਦਿਨ ਪੈਪਸੂ ਮੁਜਾਰਾ ਲਹਿਰ ਨੂੰ ਸਮਰਪਿਤ ਹੋਣਗੇ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਲੰਮਾ ਘੋਲ ਲੜਨ ਦਾ ਅਹਿਦ ਕੀਤਾ।
ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਹਜ਼ਾਰਾਂ ਨੌਜਵਾਨ ਪੰਜਾਬ ਦੇ ਸੱਤ ਪਵਿੱਤਰ ਸਥਾਨਾਂ ਆਨੰਦਪੁਰ ਸਾਹਿਬ, ਅੰਮ੍ਰਿਤਸਰ ਸਾਹਿਬ, ਹੁਸੈਨੀਵਾਲਾ, ਸਰਾਭਾ, ਸੁਨਾਮ ਊਧਮ ਸਿੰਘ, ਵਾਲਾ ਖਟਕੜ ਕਲਾਂ, ਸਰਹਿੰਦ ਫਤਹਿਗੜ੍ਹ ਸਾਹਿਬ ਤੋਂ ਸ਼ਹੀਦ ਭਗਤ ਸਿੰਘ ਦੇ ਪੂਰਨਿਆਂ ’ਤੇ ਚੱਲਣ ਦੀ ਸਹੁੰ ਖਾ ਕੇ ਅਤੇ ਇਨ੍ਹਾਂ ਸਥਾਨਾਂ ਤੋਂ ਮਿੱਟੀ ਲੈ ਕੇ ਦਿੱਲੀ ਦੀਆਂ ਹੱਦਾਂ ’ਤੇ ਪਹੁੰਚਣਗੇ।
ਬੀਕੇਯੂ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ 19 ਮਾਰਚ ਨੂੰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਵੱਲੋਂ ਐੱਫਸੀਆਈ ਵੱਲੋਂ ਕਣਕ ਦੀ ਖਰੀਦ ਸਬੰਧੀ ਮੜ੍ਹੀਆਂ ਸ਼ਰਤਾਂ ਖ਼ਿਲਾਫ਼ ਰੋਸ-ਮੁਜ਼ਾਹਰੇ ਕੀਤੇ ਜਾਣਗੇ।
ਕਣਕ ਦੀ ਵਾਢੀ ਦੌਰਾਨ ਵੀ ਦਿੱਲੀ ਮੋਰਚੇ ’ਚ ਡਟੇ ਰਹਿਣਗੇ ਕਿਸਾਨ: ਰਾਜੇਵਾਲ
ਪੰਜਾਬ ਵਿੱਚ ਹੋਣ ਵਾਲੀਆਂ ‘ਮਜ਼ਦੂਰ ਮਹਾਪੰਚਾਇਤਾਂ’ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸ਼ਮੂਲੀਅਤ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਦੀ ਹਮਾਇਤ ਹਾਸਲ ਹੈ ਤੇ ਮਜ਼ਦੂਰ ਤੇ ਕਿਸਾਨ ਦਾ ਰਿਸ਼ਤਾ ਗੂੜ੍ਹਾ ਤੇ ਸਦੀਆਂ ਪੁਰਾਣਾ ਹੈ। ਉਨ੍ਹਾਂ ਕਿਹਾ ਕਿ 28 ਮਾਰਚ ਨੂੰ ਲੁਧਿਆਣਾ ਵਿੱਚ ਮਜ਼ਦੂਰਾਂ ਵੱਲੋਂ ਕੀਤੇ ਜਾਣ ਵਾਲੇ ਵੱਡੇ ਇਕੱਠ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਵੀ ਸ਼ਮੂਲੀਅਤ ਕਰਨਗੇ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹੋਰਨਾਂ ਰਾਜਾਂ ਦੇ ਕਿਸਾਨਾਂ ਨੇ ਵਾਢੀ ਅਤੇ ਕਣਕ ਦੀ ਸਾਂਭ-ਸੰਭਾਲ ਦਾ ਬੰਦੋਬਸਤ ਕਰ ਲਿਆ ਹੈ। ਕਿਸਾਨਾਂ ਵੱਲੋਂ ਮੋਰਚੇ ਵਿੱਚ ਸ਼ਮੂਲੀਅਤ ਲਈ ਵਾਰੀ ਬੰਨ੍ਹ ਲਈ ਗਈ ਹੈ ਤਾਂ ਜੋ ਫ਼ਸਲ ਵੀ ਸੰਭਾਲੀ ਜਾ ਸਕੇ ਤੇ ਅੰਦੋਲਨ ’ਤੇ ਵੀ ਕੋਈ ਅਸਰ ਨਾ ਪਵੇ। ਸ੍ਰੀ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਲਈ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ। ਇਸ ਲਈ ਗੇਂਦ ਹੁਣ ਕੇਂਦਰ ਸਰਕਾਰ ਦੇ ਪਾਲ਼ੇ ਵਿੱਚ ਹੈ ਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਨੂੰ ਗੱਲਬਾਤ ਲਈ ਕਦੋਂ ਬੁਲਾਉਣਾ ਹੈ। ਕਿਸਾਨ ਆਗੂ ਨੇ ਕਿਹਾ ਕਿ ਮੋਰਚੇ ਵੱਲੋਂ ਪੱਛਮੀ ਬੰਗਾਲ ਵਿੱਚ ਚਲਾਈ ਮੁਹਿੰਮ ਦੌਰਾਨ ਭਾਜਪਾ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਟੇਜਾਂ ਨੇੜੇ ਕਿਸੇ ਸਿਆਸਤਦਾਨ ਨੂੰ ਢੁੱਕਣ ਵੀ ਨਹੀਂ ਦਿੱਤਾ ਗਿਆ।
ਜੇਕਰ ਪੰਜਾਬ ਦੇ ਖੇਤੀ ਬਿੱਲਾਂ ’ਤੇ ਰਾਸ਼ਟਰਪਤੀ ਦੀ ਸਹਿਮਤੀ ਨਾ ਮਿਲੀ ਤਾਂ ਸੁਪਰੀਮ ਕੋਰਟ ਜਾਵਾਂਗੇ: ਸੋਨੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਾਂਗਰਸ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕਰਦੀ ਹੈ ਅਤੇ ਜੇਕਰ ਰਾਸ਼ਟਰਪਤੀ ਨੇ ਸੂਬਾ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਉਹ ਸੁਪਰੀਮ ਕੋਰਟ ਜਾਣਗੇ। ਇਥੇ ਇਕ ਮੀਡੀਆ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਲੰਮੇ ਸਮੇਂ ਤੋਂ ਬਣੇ ਸਫ਼ਲ ਸਬੰਧਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।