ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਅਤੇ ਕੋਚਾ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇਐੱਸ ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਰਗਟ ਸਿੰਘ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਵਤਸ ਨੇ ‘ਸਿਲਵਰ ਪਲੇਟ’ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਐਸੋਸੀਏਸ਼ਨ ਵੱਲੋਂ ਓਲੰਪਿਕ ’ਚ ਕਾਂਸੀ ਦਾ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਸ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ’ਤੇ ਕ੍ਰਿਸ਼ਨ ਬਹਾਦਰ ਪਾਠਕ ਅਤੇ ਹਿੱਸਾ ਲੈਣ ਵਾਲੇ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿੱਲ, ਕੋਚ ਸ਼ਿਵੇਦਰਾ ਸਿੰਘ, ਮਹਿੰਦਰ ਸਿੰਘ ਢਿੱਲੋਂ ਤੇ ਸੰਦੀਪ ਕੁਮਾਰ ਦਾ ਸਨਮਾਨ ਕੀਤਾ ਗਿਆ।
ਬ੍ਰਹਮ ਮਹਿੰਦਰਾ ਨੇ ਖਿਡਾਰੀਆਂ ਨੂੰ ਟੋਕੀਓ ਓਲੰਪਿਕ ਤੋਂ ਬਾਅਦ ਅਗਲਾ ਨਿਸ਼ਾਨਾ ਮਿੱਥਣ ਅਤੇ ਸਖਤ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੀਆਂ ਪੈਰਿਸ ਓਲੰਪਿਕ ਖੇਡਾਂ 2024 ’ਚ ਖਿਡਾਰੀ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨਗੇ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ ਅਤੇ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੀ ਹਿੱਸੇਦਾਰੀ ਨਾਲ ਹੀ ਖੇਡਾਂ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਦੇ ਪੈਦਾ ਹੋਣ ਨਾਲ ਹੀ ਨਸ਼ਿਆਂ ਦਾ ਕੋਹੜ ਜੜ੍ਹੋਂ ਵੱਢਿਆ ਜਾ ਸਕਦਾ ਹੈ। ਐਸੋਸੀਏਸ਼ਨ ਦੇ ਸਕੱਤਰ ਜਨਰਲ ਕੇਐੱਸ ਸਿੱਧੂ ਨੇ ਕਿਹਾ ਕਿ ਪੰਜਾਬ ਓਲੰਪਿਕ ਭਵਨ ਵਿੱਚ ਪੰਜਾਬ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਰਸਾਉਂਦਾ ‘ਹਾਲ ਆਫ ਫੇਮ’ ਬਣ ਕੇ ਤਿਆਰ ਹੈ ਜਿਸ ਦਾ ਨਵੰਬਰ ਮਹੀਨੇ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਟੋਕੀਓ ਓਲੰਪਿਕਸ ਦੇ ਖਿਡਾਰੀਆਂ ਬਾਰੇ ਬਣਾਈ ਗਈ ਫਿਲਮ ਦਿਖਾਈ ਗਈ ਜਿਸ ਵਿੱਚ ਹਾਕੀ ਟੀਮ ਵੱਲੋਂ ਕੀਤੇ ਗਏ ਸਾਰੇ 25 ਗੋਲਾਂ ਨੂੰ ਵੀ ਦਿਖਾਇਆ ਗਿਆ ਜਿਨ੍ਹਾਂ ਵਿੱਚੋਂ 23 ਗੋਲ ਪੰਜਾਬੀ ਖਿਡਾਰੀਆਂ ਨੇ ਕੀਤੇ ਸਨ। ਮੰਚ ਸੰਚਾਲਨ ਅਥਲੈਟਿਕਸ ਕੋਚ ਸੁਖਵਿੰਦਰ ਸਿੰਘ ਸੁੱਖੀ ਨੇ ਕੀਤਾ।
ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ’ਤੇ ਆਧਾਰਿਤ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਅੱਜ ਰਿਲੀਜ਼ ਕੀਤੀ ਗਈ। ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇਐੱਸ ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮ ਸ੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਹਾਕੀ ਟੀਮ ਦੇ ਖਿਡਾਰੀਆਂ ਵੱਲੋਂ ਇਹ ਪੁਸਤਕ ਰਿਲੀਜ਼ ਕੀਤੀ ਗਈ। ਖੇਡ ਲੇਖਕ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ ਜੋ ਲੋਕਗੀਤ ਪ੍ਰਕਾਸ਼ਨ ਵੱਲੋਂ ਛਾਪੀ ਗਈ ਹੈ। ਐਸੋਸੀਏਸ਼ਨ ਮੈਂਬਰਾ ਨੇ ਕਿਹਾ ਕਿ ਖੇਡਾਂ ਤੇ ਖਿਡਾਰੀਆਂ ਬਾਰੇ ਸਾਹਿਤ ਲਿਖਣਾ ਬਹੁਤ ਸ਼ਲਾਘਾਯੋਗ ਕਦਮ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ ਬਣੇਗਾ। ਇਸ ਪੁਸਤਕ ਵਿੱਚ ਟੋਕੀਓ ਵਿੱਚ ਭਾਰਤੀ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਅਤੇ ਕੋਚ ਦੀ ਜੀਵਨੀ ਪੜ੍ਹਨ ਨੂੰ ਮਿਲੇਗੀ। ਇਸ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ’ਚ ਮਿਲਦੀ ਹੈ।