ਗਗਨਦੀਪ ਅਰੋੜਾ
ਲੁਧਿਆਣਾ, 12 ਜੁਲਾਈ
ਲਾਡੋਵਾਲ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਨਾਲ ਹੋਏ ਵਿਵਾਦ ਤੋਂ ਬਾਅਦ ਪਹਿਲਵਾਨ ਤੇ ਭਾਜਪਾ ਆਗੂ ਦਿ ਗ੍ਰੇਟ ਖਲੀ ਨੇ ਪੁਲੀਸ ਕਮਿਸ਼ਨਰ ਡਾ. ਕੌਸਤੁਬ ਸ਼ਰਮਾ ਕੋਲ ਸ਼ਿਕਾਇਤ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਮੰਗੀ ਹੈ। ਉਸ ਨੇ ਆਖਿਆ ਕਿ ਟੌਲ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰੇਟ ਖਲੀ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਆਪਣੇ ਸਾਥੀਆਂ ਨਾਲ ਜਲੰਧਰ ਜਾ ਰਿਹਾ ਸੀ ਤਾਂ ਜਦੋਂ ਉਹ ਲਾਡੋਵਾਲ ਟੌਲ ਪਲਾਜ਼ਾ ਪੁੱਜੇ ਤਾਂ ਇਸ ਦੌਰਾਨ ਟੌਲ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਕੇ ਫੋਟੋਆਂ ਖਿਚਵਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਉਸ ਨੇ ਤਸਵੀਰ ਖਿਚਵਾਉਣ ਤੋਂ ਮਨ੍ਹਾਂ ਕੀਤਾ ਤਾਂ ਮੁਲਾਜ਼ਮਾਂ ਨੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਸ ਤੋਂ ਬਾਅਦ ਵੀਡੀਓ ਬਣਾ ਕੇ ਝੂਠੇ ਦੋਸ਼ ਲਗਾਉਣ ਲੱਗੇ ਕਿ ਉਨ੍ਹਾਂ ਨਾਲ ਕੁੱਟਮਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਝੂਠੇ ਦੋਸ਼ ਲਗਾ ਕੇ ਉਹ ਉਨ੍ਹਾਂ ਨੂੰ ਬਲੈਕਮੇਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇੰਨਾ ਹੀ ਨਹੀਂ ਮੁਲਾਜ਼ਮਾਂ ਨੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ, ਜਿਸ ਕਰਕੇ ਉਨ੍ਹਾਂ ਦੀ ਬਦਨਾਮੀ ਹੋ ਰਹੀ ਹੈ। ਪੁਲੀਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।