ਸਿਮਰਤ ਪਾਲ ਸਿੰਘ ਬੇਦੀ
ਇੱਥੋਂ ਨੇੜਲੇ ਨਿੱਜਰਪੁਰਾ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਫ਼ੌਜੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵੈੱਟਰਨਸ ਵੈੱਲਫੇਅਰ ਆਰਗੇਨਾਈਜ਼ੇਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਦਿਲਬਾਗ ਸਿੰਘ ਤੇ ਕੈਪਟਨ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨਿੱਜਰਪੁਰਾ ਟੌਲ ਪਲਾਜ਼ਾ ਦੇ ਕਰੀਬ 15 ਮੁਲਾਜ਼ਮਾਂ ਨੇ ਉੱੱਥੋਂ ਲੱਗਣ ਵੇਲੇ ਫ਼ੌਜੀ ਮਨਿੰਦਰਜੀਤ ਸਿੰਘ (117 ਇੰਜਨੀਅਰ ਰੈਜ਼ੀਡੈਂਟ) ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦਿਲਬਾਗ ਸਿੰਘ ਤੇ ਜਸਵੰਤ ਸਿੰਘ ਨੇ ਕਿਹਾ ਮਨਿੰਦਰਜੀਤ ਸਿੰਘ ਬਦਲੀ ਹੋਣ ਕਰ ਕੇ ਦੂਜੀ ਜਗ੍ਹਾ ’ਤੇ ਪੋਸਟਿੰਗ ਲਈ ਜਾ ਰਿਹਾ ਸੀ। ਟੌਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੇ ਸਿਰ, ਹੱਥ ਤੇ ਬਾਂਹ ’ਤੇ ਗੰਭੀਰ ਸੱਟਾਂ ਲੱਗੀਆਂ ਹਨ।
ਇਸ ਸਬੰਧੀ ਟੌਲ ਪਲਾਜ਼ਾ ਦੇ ਮੈਨੇਜਰ ਰਾਜੇਸ਼ ਕੁਮਾਰ ਨੂੰ ਵੀ ਮਿਲੇ ਹਨ ਪਰ ਉਸ ਨੇ ਨਾ ਕੋਈ ਤਸੱਲੀਬਖਸ਼ ਜਵਾਬ ਦਿੱਤਾ ਤੇ ਨਾ ਹੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਕਿਹਾ ਪੀੜਤ ਨੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਕਿਹਾ ਕਿ ਸਰਕਾਰ ਟੌਲ ਪਲਾਜ਼ਾ ਬੰਦ ਕਰੇ ਜਾਂ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜੰਡਿਆਲਾ ਗੁਰੂ ਦੇ ਡੀ ਐੱਸ ਪੀ ਰਵਿੰਦਰ ਸਿੰਘ ਨੇ ਕਿਹਾ ਫ਼ੌਜੀ ’ਤੇ ਹਮਲਾ ਕਰਨ ਵਾਲੇ ਕਰੀਬ 15 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।