ਸੰਦੀਪ ਸਿੰਘ ਸਨੀ ’ਤੇ ਜੇਲ੍ਹ ਵਿੱਚ ਤਸ਼ੱਦਦ ਨਿੰਦਣਯੋਗ: ਜਥੇਦਾਰ ਟੇਕ ਸਿੰਘ ਧਨੌਲਾ
ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸ੍ਰੀ ਅੰਮ੍ਰਿਤਸਰ ਸਾਹਿਬ ਨਿਵਾਸੀ ਸਿੱਖ ਕੈਦੀ ਸੰਦੀਪ ਸਿੰਘ ਸਨੀ ’ਤੇ ਜੇਲ੍ਹ ਅੰਦਰ ਕਥਿਤ ਤਸ਼ੱਦਦ ’ਤੇ ਚਿੰਤਾ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਇਸ ਵਰਤਾਰੇ ਨੂੰ ਨਿੰਦਣਯੋਗ ਕਰਾਰ ਦਿੱਤਾ।
ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਗੱਲਬਾਤ ਦੌਰਾਨ ਕਿਹਾ ਕਿ ਇਸ ਤਸ਼ੱਦਦ ਦੇ ਮਾਮਲੇ ਵਿੱਚ ਅਦਾਲਤ ਨੇ ਵੀ ਜੇਲ੍ਹ ਪ੍ਰਸ਼ਾਸਨ ਤੇ ਪੁਲੀਸ ਨੂੰ ਭਾਈ ਸਨੀ ਦੀ ਮੈਡੀਕਲ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲੀਸ ਨੇ ਅਦਾਲਤੀ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਉਸਦੀ ਮੈਡੀਕਲ ਜਾਂਚ ਨਹੀਂ ਕਰਵਾਈ। ਇਸ ਤੋਂ ਪਤਾ ਲੱਗਦਾ ਹੈ ਕਿ ਜੇਲ੍ਹ ਪ੍ਰਸ਼ਾਸਨ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਵਿੱਚ ਲੱਗਾ ਹੋਇਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਸਾਬਕਾ ਪੁਲੀਸ ਅਧਿਕਾਰੀਆਂ ਤੇ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਵੀ ਇਸ ਤਸ਼ੱਦਦ ਦੀ ਘਟਨਾ ਨੇ ਸਾਹਮਣੇ ਲਿਆਂਦੀ ਹੈ। ਪੂਰੇ ਮਾਮਲੇ ਨੂੰ ਦੱਬੀ ਰੱਖਣ ਦੇ ਮਕਸਦ ਨਾਲ ਹੀ ਭਾਈ ਸਨੀ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਤਬਦੀਲ ਕੀਤਾ ਗਿਆ। ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨਾਲ ਅਜਿਹੇ ਵਰਤਾਰੇ ’ਤੇ ਸਿੱਖ ਕੌਮ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਜੇਲ੍ਹ ਮੰਤਰੀ ਇਸ ਸਮੁੱਚੇ ਮਾਮਲੇ ਦੀ ਗੰਭੀਰਤਾ ਨਾਲ ਨਿਰਪੱਖ ਜਾਂਚ ਕਰਵਾਉਣ ਅਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਠੋਸ ਕਾਰਵਾਈ ਅਮਲ ਵਿੱਚ ਲਿਆਉਣ।