ਪੱਤਰ ਪ੍ਰੇਰਕ
ਮਾਨਸਾ, 14 ਜੁਲਾਈ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗੀਤ ‘ਐੱਸਵਾਈਐੱਲ’ ਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਨੂੰ ਯੂ-ਟਿਊਬ ਤੋਂ ਬੈਨ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਵਿੰਗ ਵੱਲੋਂ 15 ਜੁਲਾਈ ਨੂੰ ਵਿਸ਼ਾਲ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਕੌਰ ਸਿੰਮੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੇਸ਼ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ‘ਐੱਸਵਾਈਐੱਲ’ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਤੇ ਕੰਵਰ ਗਰੇਵਾਲ ਨੇ ਆਪਣੇ ਗੀਤ ‘ਰਿਹਾਈ’ ’ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।