ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਵਾਇਤੀ ਪਾਰਟੀਆਂ ਨੇ ਪੰਜਾਬ ਕਰਜ਼ੇ ’ਚ ਡੋਬਿਆ: ਮਾਨ

2105 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ‘ਆਪ’ ਵੱਲੋਂ ਪਾਵਰਕੌਮ ਦਾ 2000 ਕਰੋੜ ਦਾ ਕਰਜ਼ਾ ਲਾਹੁਣ ਦਾ ਦਾਅਵਾ
ਮੁਟਿਆਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ। -ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐੱਸ ਪੀ ਸੀ ਐੱਲ) ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਸੂਬਾ ਸਰਕਾਰ ਇਸ ਨੂੰ ਖ਼ਤਮ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਕਰਜ਼ੇ ਵਿੱਚ ਡੋਬਿਆ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਪਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤਕ ਨੌਜਵਾਨਾਂ ਨੂੰ 58,962 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ ਪੀ ਐੱਸ ਪੀ ਸੀ ਐੱਲ ਅਤੇ ਪੀ ਐੱਸ ਟੀ ਸੀ ਐੱਲ ਵਿੱਚ 2023 ਲਾਈਨਮੈਨ, 48 ਇੰਟਰਨਲ ਆਡੀਟਰਜ਼ ਅਤੇ 35 ਰੈਵੇਨਿਊ ਅਕਾਊਂਟੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਨੌਜਵਾਨਾਂ ਨੂੰ ਸਿਰਫ਼ ‘ਕੈਸ਼ ਅਤੇ ਫ਼ਰਮਾਇਸ਼’ ਨਾਲ ਹੀ ਨੌਕਰੀ ਮਿਲਦੀ ਸੀ। ਇਹ ਖ਼ਤਮ ਹੋਣ ਨਾਲ ਵਿਰੋਧੀਆਂ ਨੂੰ ਸਭ ਤੋਂ ਵੱਧ ਤਕਲੀਫ਼ ਹੋਈ ਹੈ। ਮਾਨ ਨੇ ਕਿਹਾ ਕਿ ਹਰ ਨੌਜਵਾਨ ਸਫ਼ਲਤਾ ਹਾਸਲ ਕਰਨ ਲਈ ਡਾ. ਬੀ ਆਰ ਅੰਬੇਡਕਰ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਲਵੇ। ਮੁੱਖ ਮੰਤਰੀ ਨੇ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ।

Advertisement

ਬਿਜਲੀ ਖੇਤਰ ਵਿੱਚ ਕੀਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ‘ਆਪ’ ਨੇ ਸੱਤਾ ਸੰਭਾਲੀ ਸੀ ਤਾਂ ਪਾਵਰਕੌਮ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ। ‘ਆਪ’ ਸਰਕਾਰ ਨੇ ਪਾਵਰਕੌਮ ਦਾ 2000 ਕਰੋੜ ਰੁਪਏ ਦਾ ਕਰਜ਼ਾ ਲਾਹਿਆ ਹੈ। ‘ਆਪ’ ਵੱਲੋਂ ਜੁਲਾਈ 2022 ਤੋਂ 90 ਫ਼ੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਸਿਰ ਚੜ੍ਹੇ ਕਰਜ਼ੇ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦਾ ਸਾਸ਼ਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ।

ਪੰਜਾਬ ਦੇ ਮਸਲਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਜਾਣ-ਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫ਼ੈਸਲਾ ਸੂਬੇ ਦੀ ਵਿਰਾਸਤ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ’ਵਰਸਿਟੀ ਨਾਲ ਜੋੜਨ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਭਾਖੜਾ ਡੈਮ ਤੋਂ ਹਰਿਆਣਾ ਤੇ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਲਈ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਆਪਣੇ ਹੱਕਾਂ ਲਈ ਲੜਨਾ ਵੀ ਜਾਣਦਾ ਹੈ ਅਤੇ ਹੱਕ ਲੈਣਾ ਵੀ ਜਾਣਦਾ ਹੈ। ਇਸ ਮੌਕੇ ਪੰਜਾਬ ਰਾਜ ਬਿਜਲੀ ਨਿਗਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
Show comments