ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਜੂਨ
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰ ਪੈਦਾ ਕਰਨ ਲਈ ਰਵਾਇਤੀ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ। ਇਨ੍ਹਾਂ ਪਾਰਟੀਆਂ ਵੱਲੋਂ ਗੈਂਗਸਟਰਾਂ ਨੂੰ ਰਾਜਨੀਤਕ ਸ਼ਰਨ ਦਿੱਤੀ ਗਈ। ਸ੍ਰੀ ਜਿੰਪਾ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪੁੱਜੇ ਹੋਏ ਹਨ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ 70 ਦਿਨਾਂ ਦੀ ‘ਆਪ’ ਸਰਕਾਰ ਵਿੱਚ ਗੈਂਗਸਟਰ ਪੈਦਾ ਨਹੀਂ ਹੋਏ ਸਗੋਂ ਪਿਛਲੇ ਦਸ ਸਾਲਾਂ ਤੋਂ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਸਿਆਸੀ ਪਾਰਟੀਆਂ ਗੈਂਗਸਟਰ ਲਿਆਉਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ 70 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਇੱਕ ਹਜ਼ਾਰ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੰਜਾਬ ਦਾ ਹੋਣਹਾਰ ਨੌਜਵਾਨ ਸੀ ਪਰ ਸਿਆਸੀ ਪਾਰਟੀਆਂ ਦਾ ਰਾਜਨੀਤਕ ਮਿਆਰ ਇੰਨਾ ਡਿੱਗ ਚੁੱਕਿਆ ਹੈ ਕਿ ਸੰਸਦੀ ਜ਼ਿਮਨੀ ਚੋਣ ’ਚ ਸਿੱਧੂ ਮੂਸੇਵਾਲਾ ਦਾ ਨਾਂ ਵਰਤ ਕੇ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਹੈ ਕਿ ਹੱਤਿਆ ਲਈ ਜ਼ਿੰਮੇਵਾਰ ਕਾਤਲਾਂ ਅਤੇ ਸਾਜਿਸ਼ ਰਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਦਾਲਤੀ ਕਾਰਵਾਈ ਦੌਰਾਨ ਮੁੱਖ ਮੰਤਰੀ ਵੱਲੋਂ ਐਡਵੋਕੇਟ ਜਨਰਲ ਨੂੰ ਭੇਜਿਆ ਗਿਆ ਅਤੇ ਮਜ਼ਬੂਤੀ ਨਾਲ ਪੱਖ ਰੱਖਣ ਸਦਕਾ ਪੰਜਾਬ ਪੁਲੀਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਸਟਡੀ ਮਿਲੀ ਹੈ।
ਸ੍ਰੀ ਜਿੰਪਾ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਖ਼ਿਲਾਫ਼ ਇਕਜੁੱਟ ਹੋ ਗਈਆਂ ਹਨ ਪਰ ‘ਆਪ’ ਨੇ ਆਮ ਘਰ ਦੇ ਸ਼ਰੀਫ਼ ਤੇ ਇਮਾਨਦਾਰ ਨੌਜਵਾਨ ਗੁਰਮੇਲ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਉਸ ਨੂੰ ਹਲਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਨੂੰ ਸੰਗਰੂਰ ਪੁੱਜ ਗਏ ਹਨ, ਉਹ ਇਸ ਹਫ਼ਤੇ ਹਲਕੇ ’ਚ ਕਈ ਥਾਵਾਂ ਉੱਪਰ ਪਾਰਟੀ ਉਮੀਦਵਾਰ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ। ਇਸ ਮੌਕੇ ਪਾਰਟੀ ਆਗੂ ਹਰਚੰਦ ਸਿੰਘ ਬਰਸਟ, ਗੋਬਿੰਦਰ ਮਿੱਤਲ, ਨੀਲ ਗਰਗ ਆਦਿ ਆਗੂ ਮੌਜੂਦ ਸਨ।