ਇਕਬਾਲ ਸਿੰਘ ਸ਼ਾਂਤ
ਲੰਬੀ, 25 ਅਗਸਤ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ ਨੂੰ ਤਲਬ ਕਰਨ ਦੇ ਮਾਮਲੇ ’ਤੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਿਆਂ ਪ੍ਰਣਾਲੀ ਅਤੇ ਸੰਵਿਧਾਨ ’ਚ ਹਮੇਸ਼ਾ ਭਰੋਸਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ ਅਤੇ ਇਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ ਹੈ। ਪਿੰਡ ਬਾਦਲ ’ਚ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਪੁੱਜੇ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਇਸ ਮੁੱਦੇ ’ਤੇ ਪਹਿਲਾਂ ਜਿਸ ਅਫ਼ਸਰ ਨੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਸੀ, ਉਸ ਦੀ ਜਾਂਚ ਰਿਪੋਰਟ ਨੂੰ ਮਾਣਯੋਗ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ ਅਤੇ ਸਿਆਸਤ ’ਚ ਆਉਣ ਮਗਰੋਂ ਉਨ੍ਹਾਂ ਦੀ ਮਨਸ਼ਾ ਜੱਗ ਜ਼ਾਹਿਰ ਹੋ ਗਈ।