ਪੱਤਰ ਪ੍ਰੇਰਕ
ਮਾਨਸਾ, 9 ਜੂਨ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮਰਹੂਮ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਮੂਸਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਪੁਲੀਸ ਅਧਿਕਾਰੀਆਂ ਤੋਂ ਮਿਲੀਆਂ ਸੂਚਨਾਵਾਂ ਅਨੁਸਾਰ ਕਾਤਲਾਂ ਨੂੰ ਛੇਤੀ ਦਬੋਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਜਿੱਥੇ ਗਹਿਰਾ ਸਦਮਾ ਪਹੁੰਚਿਆ ਹੈ, ਉਥੇ ਹੀ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।