ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਗਸਤ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ ਹੈ, ਜੋ ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਵੱਧ ਹੈ। ਮੰਤਰੀ ਨੇ ਦੱਸਿਆ ਕਿ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਪਹਿਲੀ ਅਪਰੈਲ ਤੋਂ 29 ਅਗਸਤ ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਿਸ ਵਿੱਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਤੋਂ ਪ੍ਰਾਪਤ ਹੋਇਆ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਰਾਣੇ ਵਾਹਨਾਂ ਦੇ ਫਿਟਨੈਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦੇ ਕੰਮ ਦੇ ਛੇਤੀ ਨਿਪਟਾਰੇ ਲਈ ਸਾਰੀਆਂ 11 ਅਸਾਮੀਆਂ ’ਤੇ ਮੋਟਰ ਵਾਹਨ ਇੰਸਪੈਕਟਰਾਂ (ਐਮਵੀਆਈ) ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਜਲਦੀ ਸੇਵਾਵਾਂ ਮਿਲਣਗੀਆਂ।