ਪੂਰਨ ਕੁਮਾਰ ਦਾ ਸ਼ਰਧਾਂਜਲੀ ਸਮਾਗਮ 26 ਨੂੰ
ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਅਤੇ ਏ ਡੀ ਜੀ ਪੀ ਮਰਹੂਮ ਵਾਈ ਪੂਰਨ ਕੁਮਾਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 26 ਅਕਤੂਬਰ ਨੂੰ ਗੁਰਦੁਆਰਾ ਨਾਢਾ ਸਾਹਿਬ ਵਿੱਚ ਹੋਵੇਗੀ। ਇਸ ਦਾ ਐਲਾਨ ਵਾਈ. ਪੂਰਨ ਕੁਮਾਰ ਨੂੰ ਇਨਸਾਫ਼ ਦਿਵਾਉਣ ਲਈ ਬਣੇ 31 ਮੈਂਬਰੀ ਸੰਘਰਸ਼ ਮੋਰਚੇ ਦੇ ਆਗੂਆਂ ਨੇ ਪਰਿਵਾਰ ਨਾਲ ਵਿਚਾਰ-ਚਰਚਾ ਕਰਕੇ ਕੀਤਾ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਸ਼ਰਧਾਂਜਲੀ ਸਮਾਗਮ ਨਹੀਂ, ਸਗੋਂ ਜਾਤੀਵਾਦ, ਭੇਦਭਾਵ ਅਤੇ ਅਨਿਆਂ ਖ਼ਿਲਾਫ਼ ਸਮੂਹਿਕ ਸ਼ਕਤੀ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ-11 ਸਥਿਤ ਆਪਣੀ ਰਿਹਾਇਸ਼ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਮੌਕੇ ਤੋਂ ਮਿਲੇ 9 ਪੰਨਿਆਂ ਦੇ ਪੱਤਰ ਵਿੱਚ ਉਨ੍ਹਾਂ ਨੇ ਹਰਿਆਣਾ ਦੇ ਡੀ ਜੀ ਪੀ ਸਮੇਤ ਦਰਜਨ ਤੋਂ ਵੱਧ ਅਧਿਕਾਰੀਆਂ ’ਤੇ ਤੰਗ ਕਰਨ ਦੇ ਗੰਭੀਰ ਦੋਸ਼ ਲਾਏ ਸਨ।ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਦੀ ਪਤਨੀ ਅਮਨੀਤ ਪੀ. ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਸੀ, ਪਰ ਕਿਸੇ ਨੂੰ ਸਿੱਧੇ ਤੌਰ ’ਤੇ ਨਾਮਜ਼ਦ ਨਹੀਂ ਕੀਤਾ ਸੀ, ਜਿਸ ਦਾ ਪਰਿਵਾਰ ਨੇ ਵਿਰੋਧ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ, ਜੋ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰ ਦੇ ਵਿਰੋਧ ਤੋਂ ਬਾਅਦ 16 ਅਕਤੂਬਰ ਨੂੰ ਵਾਈ ਪੂਰਨ ਕੁਮਾਰ ਦਾ ਸਸਕਾਰ ਕੀਤਾ ਗਿਆ ਸੀ।