ਮਾਨਸਾ(ਜੋਗਿੰਦਰ ਸਿੰਘ ਮਾਨ): ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਅੰਦੋਲਨਕਾਰੀ ਬੀਬੀਆਂ ਦੀ ਸ਼ਹਾਦਤ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਰਾਹ ਪੱਧਰਾ ਕਰੇਗੀ, ਜਿੱਥੇ ਭਲਕੇ 7 ਨਵੰਬਰ ਨੂੰ ਇਨ੍ਹਾਂ ਬੀਬੀਆਂ ਦੀ ਅੰਤਿਮ ਅਰਦਾਸ ਮੌਕੇ ਹੋ ਰਹੇ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਭਰ ਵਿਚੋਂ ਪਹੁੰਚ ਰਹੇ ਕਾਫ਼ਲੇ ਕਿਸਾਨੀ ਸੰਘਰਸ਼ ਵਿੱਚ ਔਰਤਾਂ ਦੀ ਭਾਗੀਦਾਰੀ ਵਿੱਚ ਹੋਰ ਉਤਸ਼ਾਹਿਤ ਕਰਨਗੇ। ਪਿੰਡ ਖੀਵਾ ਦਿਆਲੂਵਾਲਾ ਦੀਆਂ ਅਮਰਜੀਤ ਕੌਰ, ਸੁਖਵਿੰਦਰ ਕੌਰ ਅਤੇ ਗੁਰਮੇਲ ਕੌਰ ਟਿੱਕਰੀ ਮੋਰਚੇ ’ਤੇ ਹਾਦਸੇ ਵਿੱਚ ਸ਼ਹੀਦ ਹੋ ਗਈਆਂ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਸ਼ਹੀਦ ਬੀਬੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹੀਦ ਮਾਈਆਂ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀ ਵੱਲੋਂ ਸ਼ਹੀਦਾਂ ਦੀਆਂ ਮੰਗਾਂ ਨੂੰ ਲੈ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਮੰਗ ਰੱਖੀ ਗਈ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਸਮੇਤ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਸ਼ਹੀਦ ਬੀਬੀਆਂ ਲਈ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਪੈਸਾ ਵਾਰਿਸਾਂ ਨੂੰ ਨਹੀਂ ਦਿੱਤਾ ਗਿਆ।