ਉੱਘੇ ਸਿੱਖ ਵਿਦਵਾਨ ਪਦਮਸ੍ਰੀ ਰਤਨ ਸਿੰਘ ਜੱਗੀ ਨੂੰ ਸ਼ਰਧਾਂਜਲੀ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 1 ਜੂਨ
ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ (98 ਸਾਲ) ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਾ. ਜੱਗੀ ਦਾ ਸਮੁੱਚਾ ਜੀਵਨ ਗੁਰਮਤਿ ਨਾਲ ਭਰਪੂਰ ਰਿਹਾ ਹੈ। ਉਨ੍ਹਾਂ ਡਾ. ਜੱਗੀ ਤੋਂ ਸੇਧ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਅੰਤਿਮ ਸਵਾਸਾਂ ਤੱਕ ਗੁਰੂ ਤੇ ਕਲਮ ਦੀ ਸੇਵਾ ਕਰਦੇ ਰਹੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਜੱਗੀ ਦੀ ਸਾਹਿਤ ਨੂੰ ਲਾਮਿਸਾਲ ਦੇਣ ਹੈ। ਉੱਘੇ ਅਰਥਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਨੇ ਡਾ. ਰਤਨ ਸਿੰਘ ਜੱਗੀ ਦੀਆਂ ਆਪਣੇ ਨਾਲ ਜੁੜੀਆਂ ਕਈ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਅੱਧਾ ਦਰਜਨ ਭਾਸ਼ਾਵਾਂ ਦੇ ਮਾਹਿਰ ਡਾ. ਜੱਗੀ ਨੇ ਆਖ਼ਰੀ ਦਮ ਤੱਕ ਕਲਮ ਨਹੀਂ ਛੱਡੀ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਡਾ. ਜੱਗੀ ਵਰਗੇ ਵਿਲੱਖਣ ਵਿਦਵਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਖੋਜ ਕਾਰਜ ਜਾਰੀ ਰੱਖੇਗੀ।
ਪਰਿਵਾਰ ਵੱਲੋਂ ਸਾਰਿਆਂ ਦਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੁੱਚੀ ਸੰਗਤ ਦਾ ਜੱਗੀ ਪਰਿਵਾਰ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਰਤਨ ਸਿੰਘ ਜੱਗੀ ਦੀ ਪਤਨੀ ਸਾਬਕਾ ਪ੍ਰਿੰਸੀਪਲ ਡਾ. ਗੁਰਸ਼ਰਨ ਕੌਰ ਜੱਗੀ ਅਤੇ ਪੁੱਤਰ ਤੇ ਸਾਬਕਾ ਆਈਏਐੱਸ ਮਾਲਵਿੰਦਰ ਸਿੰਘ ਜੱਗੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ ਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ‘ਆਪ’ ਦੇ ਬੁਲਾਰੇ ਬਲਤੇਜ ਪੰਨੂ, ਮੇਅਰ ਕੁੰਦਨ ਗੋਗੀਆ, ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬ੍ਰਹਮ ਮਹਿੰਦਰਾ, ਸਾਬਕਾ ਮੁੱਖ ਸਕੱਤਰ ਤੇ ਟਰਾਂਸਪੇਰੈਂਸੀ ਕਮਿਸ਼ਨ ਦੇ ਚੇਅਰਮੈਨ ਵੀਕੇ ਜੰਜੂਆ, ਰੇਰਾ ਦੇ ਚੇਅਰਮੈਨ ਆਰਕੇ ਗੋਇਲ, ਪੀਐੱਸਪੀਸੀਐੱਲ ਦੇ ਸੀਐੱਮਡੀ ਅਜੋਏ ਕੁਮਾਰ ਸਿਨਹਾ, ਜਸਕਿਰਨ ਸਿੰਘ ਆਈਏਐੱਸ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਪਦਮਸ੍ਰੀ ਪ੍ਰਾਣ ਸੱਭਰਵਾਲ, ਇੰਦਰਮੋਹਨ ਸਿੰਘ ਬਜਾਜ , ਅਮਰਿੰਦਰ ਸਿੰਘ ਬਜਾਜ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਜਪਾ ਵੱਲੋਂ ਗੁਰਜੀਤ ਸਿੰਘ ਕੋਹਲੀ ਮੌਜੂਦ ਸਨ।