ਬਲਵਿੰਦਰ ਰੈਤ
ਨੂਰਪੁਰ ਬੇਦੀ, 23 ਅਕਤੂਬਰ
ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਵਿੱਚ 11 ਅਕਤੂਬਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਪਿੰਡ ਪਚਰੰਡਾ ਦੇ 16 ਆਰਆਰ ਰੈਜੀਮੈਂਟ ਦੇ ਜਵਾਨ ਗੱਜਣ ਸਿੰਘ ਨਮਿਤ ਰੱਖੇ ਸਹਿਜ ਪਾਠ ਦਾ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਭੋਗ ਪਾਇਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਸਿਆਸੀ, ਧਾਰਮਿਕ ਤੇ ਸਮਾਜਸੇਵੀ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕੇ ਦੇ ਸੈਂਕੜੇ ਲੋਕਾਂ ਨੇ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਯੋਧਿਆਂ ਦੀ ਧਰਤੀ ਹੈ, ਜਿਸ ਦੇ ਕਣ-ਕਣ ਵਿੱਚ ਸੂਰਬੀਰਾਂ ਦੀ ਸ਼ਹਾਦਤ ਦਾ ਖੂਨ ਰਚਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਸ਼ਹਾਦਤਾਂ ਪੰਜਾਬ ਵਾਸੀਆਂ ਦੇ ਹਿੱਸੇ ਆਈਆਂ ਹਨ। ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਦੇਸ਼ ਵਾਸੀਆਂ ਨੇ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਤੇ ਹੁਣ ਦੇਸ਼ ਦੀ ਰੱਖਿਆ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸੈਨਿਕਾਂ ਨੂੰ ਬਲੀਦਾਨ ਦੇਣਾ ਪੈ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਦਿੱਲੀ ਤੋਂ ਪਹੁੰਚੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਗੱਜਣ ਸਿੰਘ ਸਦਾ ਸਾਡੇ ਦਿਲਾਂ ਵਿੱਚ ਵੱਸਦਾ ਰਹੇਗਾ। ਇਸ ਮੌਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਪਿਤਾ ਰਣਜੀਤ ਢਿੱਲੋਂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਅਵਤਾਰ ਸਿੰਘ, ਗੁਰਨਾਇਬ ਸਿੰਘ ਜੈਤੇਵਾਲ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਪ੍ਰੇਮ ਸਿੰਘ ਭਲੜੀ, ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਐਡਵੋਕੇਟ ਦਿਨੇਸ਼ ਚੱਢਾ ਅਤੇ ਜੇਪੀਐੱਸ ਢੇਰ ਨੇ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਫ਼ੋਂ ਏਡੀਸੀ ਰੂਪਨਗਰ ਦੀਪ ਸ਼ਿਖਾ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਪਰਿਵਾਰ ਨਾਲ ਮੁਲਾਕਾਤ ਕੀਤੀ।