ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਈ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਧਰਨਿਆਂ ਦੇ 230ਵੇਂ ਦਿਨ ਅੱਜ ਵੱਖ-ਵੱਖ ਥਾਵਾਂ ’ਤੇ ਸ਼ਹੀਦ ਮੇਜਰ ਖ਼ਾਨ ਸਮੇਤ ਹੋਰ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮੇਜਰ ਖ਼ਾਨ ਕਿਸਾਨੀ ਸੰਘਰਸ਼ ਵਿੱਚ ਪਹਿਲੇ ਦਿਨ 26 ਨਵੰਬਰ ਤੋਂ ਹੀ ਡਟਿਆ ਹੋਇਆ ਸੀ। ਜ਼ਮੀਨ ਨਾ ਹੋਣ ਦੇ ਬਾਵਜੂਦ ਉਹ ਸੰਘਰਸ਼ ਦੇ ਵਡੇਰੇ ਅਰਥ ਸਮਝਦਾ ਸੀ। ਆਗੂਆਂ ਨੇ ਕਿਹਾ ਕਿ ਮੋਰਚੇ ਦੌਰਾਨ ਚਾਰ ਸੌ ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਨੇ ਅੰਦੋਲਨ ਪ੍ਰਤੀ ਬੇਰੁਖੀ ਧਾਰੀ ਹੋਈ ਹੈ, ਜੋ ਸਾਬਤ ਕਰਦੀ ਹੈ ਕਿ ਮੁਲਕ ਅੰਦਰ ਲੋਕਤੰਤਰੀ ਆਵਾਜ਼ਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਵੱਖ-ਵੱਖ ਥਾਵਾਂ ’ਤੇ ਕਿਸਾਨੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜਦੋਂ ਦੇਸ਼ ਦੇ ਵਿਕਾਸ ਦਾ ਦਮ ਭਰਨ ਵਾਲੀਆਂ ਹਕੂਮਤਾਂ ਲੋਕਾਂ ਨਾਲ ਵਿਸ਼ਵਾਸਘਾਤ ਕਰਦੀਆਂ ਹਨ ਤਾਂ ਲੋਕ ਮਨਾਂ ਵਿਚ ਪੈਦਾ ਹੋਈ ਬੇਚੈਨੀ ਲੋਕ ਰੋਹ ਦਾ ਰੂਪ ਧਾਰਨ ਕਰਦੀ ਹੈ। ਕੇਂਦਰ ਦੀ ਮੌਜੂਦਾ ਕੌਮੀ ਜਮਹੂਰੀ ਗੱਠਜੋੜ ਸਰਕਾਰ ਨੇ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਨੂੰ ਕਾਨੂੰਨ ਬਣਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰਾਂ ਦੀ ਫ਼ਿਕਰਮੰਦੀ ‘ਮਿੱਟੀ ਦੇ ਪੁੱਤਰਾਂ’ ਲਈ ਨਹੀਂ ਕਾਰਪੋਰੇਟ ਕੰਪਨੀਆਂ ਲਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ ਸਰਕਾਰ ਦੇ ਪਿਛਲੇ ਛੇ ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਆਦਿ ਦੇ ਲੱਖਾਂ ਦੀ ਗਿਣਤੀ ਵਿਚ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ। ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਇਆ ਕਿਸਾਨ ਜਦੋਂ ਕਿਤੇ ਖ਼ੁਦਕੁਸ਼ੀ ਕਰਦਾ ਹੈ ਤਾਂ ਮੁਲਕ ਦੀਆਂ ਰਾਜਸੀ ਪਾਰਟੀਆਂ ਇਸ ਨੂੰ ਮੁੱਦਾ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਦੀਆਂ ਹਨ।
ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਲੱਖਾਂ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਆਜ਼ਾਦ ਭਾਰਤ ਦੇ ਮੱਥੇ ’ਤੇ ਕਲੰਕ ਹਨ। ਕਿਸਾਨਾਂ ਦੀਆਂ ਇਹ ਖ਼ੁਦਕੁਸ਼ੀਆਂ ਹਕੀਕਤ ਵਿਚ ਉਸ ਵਿਵਸਥਾ ਵੱਲੋਂ ਕੀਤੇ ਗਏ ਕਤਲ ਹਨ, ਜਿਹੜੀ ਵਿਵਸਥਾ ਬੜੀ ਤੇਜ਼ੀ ਨਾਲ ਧਨਾਢਾਂ ਨੂੰ ਹੋਰ ਧਨਾਢ ਅਤੇ ਗ਼ਰੀਬਾਂ ਨੂੰ ਹੋਰ ਗ਼ਰੀਬ ਬਣਾ ਰਹੀ ਹੈ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ ਕੁਝ ਅਰਸੇ ਤੋਂ ਲੱਖਾਂ ਦੀ ਗਿਣਤੀ ਵਿਚ ਛੋਟੇ ਕਿਸਾਨ ਆਪਣੀ ਜ਼ਮੀਨ ਗਵਾ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨੋ ਖੇਤੀ-ਕਾਨੂੰਨ, ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਤੁਰੰਤ ਰੱਦ ਕਰੇ।
ਕਾਲਾ ਦਿਵਸ ਮਨਾਉਣ ਲਈ ਤਿਆਰੀਆਂ ਵਿੱਢੀਆਂ
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨਿਆਂ ਵਿੱਚ ਅੱਜ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ। ਇਨ੍ਹਾਂ ਧਰਨਿਆਂ ਵਿੱਚ ਔਰਤਾਂ ਦੀ ਸ਼ਮੂਲੀਅਤ ਵੀ ਜਾਰੀ ਹੈ। ਪੰਜਾਬ ਭਰ ’ਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਸਵਾ ਸੌ ਤੋਂ ਵੱਧ ਥਾਈਂ ਧਰਨਿਆਂ ’ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ 26 ਮਈ ਨੂੰ ‘ਕਾਲਾ-ਦਿਵਸ’ ਮਨਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਪਿੰਡਾਂ ਦੀਆਂ ਸੱਥਾਂ ’ਚ ਨੁੱਕੜ ਮੀਟਿੰਗਾਂ ਕਰ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।