ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਅਪਰੈਲ
ਇਤਿਹਾਸਕ ਜੱਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦੀ 103ਵੀਂ ਬਰਸੀ ਮੌਕੇ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਸਨ। ਇਸ ਦੌਰਾਨ ਪੰਜਾਬ ਪੁਲੀਸ ਵੱਲੋਂ ਹਥਿਆਰ ਉਲਟੇ ਕਰਕੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਜੱਲ੍ਹਿਆਂਵਾਲਾ ਬਾਗ ਫਰੀਡਮ ਫਾਈਟਰ ਫਾਊਂਡੇਸ਼ਨ ਦੇ ਕਾਰਕੁਨਾਂ ਨੇ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਥੇਬੰਦੀ ਦੇ ਆਗੂ ਸੁਨੀਲ ਕਪੂਰ ਨੇ ਦੱਸਿਆ ਕਿ ਉਨ੍ਹਾਂ ਇਕ ਵੱਖਰਾ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਦੌਰਾਨ ਗ੍ਰੰਥੀ ਰਾਹੀਂ ਸ਼ਹੀਦਾਂ ਨਮਿਤ ਅਰਦਾਸ ਅਤੇ ਇਕ ਮੰਦਿਰ ਦੇ ਪੁਜਾਰੀ ਰਾਹੀਂ ਪ੍ਰਾਰਥਨਾ ਕਰਵਾਈ ਗਈ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀਆਂ 13 ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਪਰਿਵਾਰਾਂ ਨੇ ਮੰਗ ਕੀਤੀ ਕਿ ਇਤਿਹਾਸਕ ਸ਼ਹੀਦੀ ਸਮਾਰਕ ਦੇ ਕੈਂਪਸ ਵਿੱਚ ਸਰਵ ਧਰਮ ਸਥਾਨ ਬਣਾਇਆ ਜਾਵੇ, ਜਿਥੇ ਹਰ ਧਰਮ ਦਾ ਗ੍ਰੰਥ ਹੋਵੇ, ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਪੰਜਾਬ ਰਤਨ ਐਵਾਰਡ ਦਿੱਤਾ ਜਾਵੇ, ਸ਼ਹੀਦੀ ਸਮਾਰਕ ਨੇੜੇ ਸ਼ਹੀਦਾਂ ਦੇ ਨਾਵਾਂ ਵਾਲੀ ਇਕ ਕੰਧ ਉਸਾਰੀ ਜਾਵੇ, ਸ਼ਹੀਦਾਂ ਦੇ ਪਰਿਵਾਰਾਂ ਨੂੰ ਆਜ਼ਾਦੀ ਘੁਲਾਟੀਆਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ, ਮੁੱਖ ਪ੍ਰਵੇਸ਼ ਦੁਆਰ ਨੇੜੇ ਤੰਗ ਗਲੀ ਨੂੰ ਪੁਰਾਤਨ ਸਰੂਪ ਵਿੱਚ ਬਹਾਲ ਕੀਤਾ ਜਾਵੇ। ਇਸੇ ਦੌਰਾਨ ਪਚਰੰਗ ਨਾਂ ਦੀ ਜਥੇਬੰਦੀ ਨੇ ਇਥੇ ਬੱਚਿਆਂ ਦੇ ਚਿੱਤਰਕਾਰੀ ਮੁਕਾਬਲੇ ਕਰਵਾਏ। ਇਸ ਤੋਂ ਇਲਾਵਾ ਭਾਜਪਾ ਦੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਅਤੇ ਜੱਲਿਆਂਵਾਲਾ ਬਾਗ ਕੌਮੀ ਯਾਦਗਾਰ ਟਰੱਸਟ ਦੇ ਟਰੱਸਟੀ ਸ਼ਵੇਤ ਮਲਿਕ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਜੱਲ੍ਹਿਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਮਤਾ ਪਾਸ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਨੇ 13 ਅਪਰੈਲ, 1919 ਨੂੰ ਵਾਪਰੇ ਜੱਲ੍ਹਿਆਂਵਾਲਾ ਬਾਗ਼ ਹੱਤਿਆ ਕਾਂਡ ਦੇ ਸ਼ਹੀਦਾਂ ਨੂੰ ਯਾਦ ਕੀਤਾ, ਜਿਹੜੇ ਬਰਤਾਨਵੀ ਹਕੂਮਤ ਵੱਲੋਂ ਥੋਪੇ ਗਏ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਕਮੇਟੀ ਨੇ ਕਿਹਾ ਕਿ ਦੇਸ਼ ਵਿੱਚ ਅੱਜ ਵੀ 103 ਸਾਲ ਪਹਿਲਾਂ ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ ਅਤੇ ਝੂਠੇ ਕੇਸ ਦਰਜ ਕਰਕੇ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਏ ਸਮਾਗਮ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਤੇ ਹੋਰ ਪਤਵੰਤਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ’ਚ ਪਾਸ ਕੀਤੇ ਮਤਿਆਂ ਰਾਹੀਂ ਜੱਲ੍ਹਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਨ, ਪ੍ਰਵੇਸ਼ ਗਲੀ ਵਿੱਚ ਲਾਈਆਂ ਮੂਰਤੀਆਂ ਹਟਾਉਣ, ਗੋਲੀਆਂ ਦੇ ਨਿਸ਼ਾਨ ਅਤੇ ਸ਼ਹੀਦੀ ਖੂਹ ਆਦਿ ਦੀ ਇਤਿਹਾਸਕ ਦਿੱਖ ਬਹਾਲ ਕਰਨ ਅਤੇ ਜੇਲ੍ਹਾਂ ਵਿੱਚ ਡੱਕੇ ਬੁੱਧੀਜੀਵੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਜੱਲ੍ਹਿਆਂਵਾਲਾ ਬਾਗ਼ ਹੱਤਿਆ ਕਾਂਡ, ਵਿਸਾਖੀ ਦਿਹਾੜੇ ਦੀ ਮਹੱਤਤਾ ਅਤੇ ਡਾ. ਭੀਮ ਰਾਓ ਅੰਬੇਦਕਰ ਦੀ ਸਮਾਜ ਨੂੰ ਦੇਣ ਦਾ ਜ਼ਿਕਰ ਕਰਦਿਆਂ ਸਮਾਜ ਵਿੱਚੋਂ ਹਰ ਪ੍ਰਕਾਰ ਦਾ ਦਾਬਾ, ਵਿਤਕਰਾ, ਅਨਿਆਂ ਦੂਰ ਕਰਨ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਕਮੇਟੀ ਦੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ਼ ਦੀ ਇਤਿਹਾਸਕ ਪ੍ਰਸੰਗਕਤਾ ਅਤੇ ਸਾਰਥਕਤਾ ਇਹ ਹੈ ਕਿ ਜੱਲ੍ਹਿਆਂਵਾਲਾ ਬਾਗ਼ ਭਾਈਚਾਰਕ ਸਾਂਝ ਦਾ ਚਾਨਣ ਮੁਨਾਰਾ ਹੈ। ਇਸ ਮੌਕੇ ਕਮੇਟੀ ਦੇ ਸੀਨੀਅਰ ਮੈਂਬਰ ਸੁਰਿੰਦਰ ਕੁਮਾਰੀ ਕੋਛੜ, ਇਤਿਹਾਸ ਕਮੇਟੀ ਦੇ ਕਨਵੀਨਰ ਚਰੰਜੀ ਲਾਲ ਕੰਗਣੀਵਾਲ ਅਤੇ ਕਮੇਟੀ ਮੈਂਬਰ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਸੰਬੋਧਨ ਕੀਤਾ।