ਗੁਰਬਖਸ਼ਪੁਰੀ
ਤਰਨ ਤਾਰਨ, 6 ਜੁਲਾਈ
ਤਰਨ ਤਾਰਨ ਹਲਕੇ ਦੇ ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਆਪਣੇ ਰਾਜਸੀ ਜੀਵਨ ਵਿੱਚ ਸਮਾਜ ਸੇਵੀ ਗਤੀਵਿਧੀਆਂ ਨੂੰ ਪਹਿਲ ਦੇਣ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੇ ਇਸ ਸੰਸਾਰ ਤੋਂ ਚਲੇ ਜਾਣ ਦੇ ਭਾਣੇ ਨੂੰ ਮੰਨਣ ਲਈ ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਨੂੰ ਹਮੇਸ਼ਾ ਪਹਿਲ ਦਿੱਤੀ| ਉਨ੍ਹਾਂ ਡਾ. ਸੋਹਲ ਨੂੰ ਸੰਪੂਰਨ ਇਨਸਾਨ ਦੱਸਿਆ ਜਿਹੜਾ ਨਿਰਸਵਾਰਥ ਹੋ ਕੇ ਕੰਮ ਕਰਦਾ ਰਿਹਾ| ਅੱਜ ਇੱਥੇ ਤਰਨ ਤਾਰਨ - ਅੰਮ੍ਰਿਤਸਰ ਪ੍ਰੀਤਮ ਗਾਰਡਨ ਵਿੱਚ ਡਾ. ਕਸ਼ਮੀਰ ਸਿੰਘ ਸੋਹਲ ਨਮਿਤ ਸ਼ਰਧਾਂਜਲੀ ਸਮਾਗਮ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕਈ ਮੰਤਰੀਆਂ, ਵਿਧਾਇਕਾਂ, ਵੱਖ-ਵੱਖ ਅਦਾਰਿਆਂ ਦੇ ਮੁਖੀਆਂ, ਚੇਅਰਮੈਨ ਆਦਿ ਸਮੇਤ ਹੋਰਨਾਂ ਰਾਜਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਵੀ ਹਾਜ਼ਰੀ ਭਰੀ| ਇਸ ਮੌਕੇ ਤਰਨ ਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਸਮੇਤ ਹੋਰ ਆਗੂ ਵੀ ਸ਼ਾਮਲ ਹੋਏ।