ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ
ਇੱਥੋਂ ਦੇ ਸਰਮਸਤਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਮੈਰਾਥਨ ਦੌੜਾਕ ਫੌਜਾ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਵੱਖ-ਵੱਖ ਆਗੂਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਤੰਦਰੁਸਤ ਰਹਿਣ ਲਈ ਫੌਜਾ ਸਿੰਘ ਦੇ ਜੀਵਨ ਤੋਂ ਸੇਧ ਲੈਣ। ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫੌਜਾ ਸਿੰਘ ਦੀ ਯਾਦ ਵਿੱਚ ਮੈਰਾਥਨ ਦੌੜ ਲਈ ਵੱਡੀ ਸੰਸਥਾ ਸਥਾਪਤ ਕੀਤੀ ਜਾਵੇ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੌੜਾਕ ਫੌਜਾ ਸਿੰਘ ਨੌਜਵਾਨਾਂ ਲਈ ਇੱਕ ਮਿਸਾਲ ਹਨ, ਜੋ ਸਾਨੂੰ ਤੰਦਰੁਸਤ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਰਹਿਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫੌਜਾ ਸਿੰਘ ਵੱਲੋਂ ਸੰਸਾਰ ਭਰ ਵਿੱਚ ਸਿੱਖ ਦੀ ਪਛਾਣ ਉਜਾਗਰ ਕਰਨ ’ਤੇ ਹਰ ਸਿੱਖ ਨੂੰ ਮਾਣ ਹੋਣਾ ਚਾਹੀਦਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਫੌਜਾ ਸਿੰਘ ਕੋਈ ਸਧਾਰਨ ਮਨੁੱਖ ਨਹੀਂ ਸਨ। ਉਨ੍ਹਾਂ ਕਿਹਾ ਕਿ ਇੱਕ ਸਦੀ ਤੋਂ ਵੀ ਲੰਮੀ ਉਮਰ ਭੋਗਣਾ ਹਰ ਕਿਸੇ ਦੇ ਹਿੱਸੇ ਨਹੀਂ ਆਉਂਦਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਹਰ ਪਿੰਡ ਵਿੱਚ ਫੌਜਾ ਸਿੰਘ ਦੀ ਯਾਦ ’ਚ ਲਾਇਬ੍ਰੇਰੀਆਂ ਬਣਾਈਆਂ ਜਾਣ। ਇਸ ਮੌਕੇ ਬਹੁਤ ਸਾਰੀਆਂ ਸਿੱਖ ਜਥੇਬੰਦੀਆਂ ਨੇ ਦੌੜਾਕ ਫੌਜਾ ਸਿੰਘ ਦੇ ਪੁੱਤਰ ਲਈ ਦਸਤਾਰਾਂ ਭੇਜੀਆਂ।