ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀਆਂ ਭੇਟ
ਗੋਆ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾਂ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿਲੋਂ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿਲੋਂ, ਕੌਮੀ ਮੀਤ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕੀਤਾ।
ਐਡਵੋਕੇਟ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਜਿਸ ਨੇ ਅਨੇਕਾਂ ਕੁਰਬਾਨੀਆਂ ਕਰਕੇ ਪਾਰਟੀ ਨੂੰ ਹੋਂਦ ’ਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਰਾਜਨੀਤਿਕ ਲਾਹਾ ਖੱਟਿਆ, ਤੇ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਲਈ ਇੱਕ ਹੋਰ ਨਵੀਂ ਦੁਕਾਨਦਾਰੀ ਖੋਲ੍ਹੀ ਗਈ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬੋਲਦਿਆਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੇ ਪੋਰਟਲ ਤੇ ਜਾ ਕੇ ਆਪੋ ਆਪਣਾ ਰੋਸ ਜ਼ਾਹਰ ਕਰਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਬੰਦੀ ਸਿੰਘ ਤਿੰਨ ਦਹਾਕਿਆਂ ਤੋ ਜੇਲ੍ਹਾਂ ’ਚ ਨਜਰਬੰਦ ਹਨ, ਜਦਕਿ ਸੁਪਰੀਮ ਕੋਰਟ ਵਲੋਂ 20 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਲੋਕਾਂ ਨੂੰ ਰਿਹਾਅ ਕਰਨ ਦਾ ਫੈਸਲਾ ਸੁਣਾਇਆ ਹੈ। ਉਨ੍ਹਾਂ ਪਾਰਟੀ ਦੇ ਅਹੁੱਦੇਦਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਖ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਬੂਥ ਕਮੇਟੀਆਂ ਬਣਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋ ਸਕੇ। ਇਸ ਮੌਕੇ ਕੋਰ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼ਹੀਦੀਆਂ ਭਰਿਆ ਇਤਿਹਾਸ ਹੈ, ਇਸ ਸ਼ਾਨਾਂ ਮੱਤੀ ਇਤਿਹਾਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਜਿਹੜੀਆਂ ਕੌਮਾਂ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹੀ ਕੌਮਾਂ ਤਰੱਕੀ ਕਰਦੀਆਂ ਹਨ।
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਨੂੰ ਵੱਧ ਅਧਿਕਾਰਾਂ ਦੀ ਪ੍ਰਾਪਤੀ ਲਈ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਪਰ ਕੇਂਦਰ ਦੀਆਂ ਵੱਖ ਵੱਖ ਸਰਕਾਰਾਂ ਨੇ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਥਾਂ ਉਨ੍ਹਾਂ ਦਾ ਕੇਂਦਰੀਕਰਨ ਕੀਤਾ, ਜਿਸ ਕਾਰਨ ਅੱਜ ਸੂਬੇ ਕੇਂਦਰ ਦੀਆਂ ਸਰਕਾਰਾਂ ਦੇ ਗੁਲਾਮ ਬਣ ਕੇ ਰਹਿ ਗਏ ਹਨ। ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਟੀਮ ਤੇ ਵਰਦਿਆਂ ਕਿਹਾ ਕਿ ਇੰਨਾਂ ਦਿੱਲੀ ਤੋਂ ਪੰਜਾਬ ਆ ਕੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ ਨੂੰ ਹੜੱਪਣ ਲਈ ਆਏ ਦਿਨ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਪ੍ਰੰਤੂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼ੁਰੂ ਕੀਤੇ ਸੰਘਰਸ਼ ਕਰਕੇ ਪੰਜਾਬ ਸਰਕਾਰ ਨੂੰ ਇਸ ਸਕੀਮ ਨੂੰ ਮਜਬੂਰ ਹੋ ਕੇ ਵਾਪਸ ਲੈਣਾ ਪਿਆ।
ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ਼ ਖੰਨਾ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਸ਼ਹੀਦਾਂ ਦਾ ਦਿਲੋਂ ਸਤਿਕਾਰ ਕਰਦੀ ਹੈ ਜਦਕਿ ਦੂਸਰੀਆਂ ਪਾਰਟੀਆਂ ਨੇ ਇਨਾਂ ਸ਼ਹੀਦੀ ਸਮਾਗਮਾਂ ਮੌਕੇ ਸਿਰਫ ਸਿਆਸੀ ਰੋਟੀਆਂ ਸੇਕੀਆਂ ਹਨ। ਇਸ ਮੌਕੇ ਹਲਕਾ ਖੰਨਾ ਦੀ ਸਮੁੱਚੀ ਲੀਡਰਸਿਪ ਵਲੋਂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।