ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨਮਿੱਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਇਥੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿੱਚ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪੰਥਕ ਅਤੇ ਸਿਆਸੀ ਦਲਾਂ, ਸਮਾਜਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਜਥੇਦਾਰ ਹਿੱਤ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਗਈਆਂ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਜਥੇਦਾਰ ਹਿੱਤ ਦੀ ਧੀ ਤੇ ਜਵਾਈ ਨੂੰ ਸਿਰੋਪਾ ਅਤੇ ਦਸਤਾਰ ਭੇਟ ਕੀਤੀ ਗਈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਗ-ਪੱਤਰ ਭੇਜ ਕੇ ਸ਼ਰਧਾਂਜਲੀ ਭੇਟ ਕੀਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਮਨਜੀਤ ਸਿੰਘ, ਪਰਮਜੀਤ ਸਿੰਘ ਸਰਨਾ, ਪਰਵੇਸ਼ ਵਰਮਾ ਸਾਂਸਦ, ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ, ਹਰਮਨਜੀਤ ਸਿੰਘ ਪ੍ਰਧਾਨ ਰਾਜੌਰੀ ਗਾਰਡਨ ਸਿੰਘ ਸਭਾ ਤੋਂ ਇਲਾਵਾ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਮਿੰਦਰ ਸਿੰਘ ਮਠਾੜੂ ਸਰਪ੍ਰਸਤ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈੱਡਰੇਸ਼ਨ, ਹਰੀਸ਼ ਓਬਰਾਏ, ਸਤਿਆਨਾਰਾਇਣ ਡੰਗ ਭਾਜਪਾ ਆਗੂ ਤੇ ਪੱਛਮੀ ਦਿੱਲੀ ਦੀਆਂ ਕਈ ਸਿੰਘ ਸਭਾਵਾਂ, ਸਮਾਜਿਕ ਸੰਸਥਾਵਾਂ ਤੇ ਸਿੱਖ ਸੈੱਲ ਭਾਜਪਾ ਦੇ ਆਗੂ ਵੀ ਮੌਜੂਦ ਸਨ।