ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਨਵੰਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਵਿਚ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਜਾਰੀ ਹਨ। ਇਨ੍ਹਾਂ ਸਣੇ ਹੋਰਨਾਂ ਥਾਵਾਂ ’ਤੇ ਲੱਗੇ ਧਰਨਿਆਂ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਅੰਜਾਮ ਤੱਕ ਲਿਜਾਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।
ਬੁਲਾਰਿਆਂ ਨੇ ਚਿਤਾਰਿਆ ਕਿ ਸੁਪਰੀਮ ਕੋਰਟ ਨੇ ਪਰਾਲੀ ਪ੍ਰਦੂਸ਼ਣ ਬਾਰੇ ਇੱਕੋ ਹਫ਼ਤੇ ਦੌਰਾਨ ਦੋ ਵਾਰ ਸਾਰਥਿਕ ਟਿੱਪਣੀਆਂ ਕੀਤੀਆਂ ਹਨ। ਸਰਕਾਰ ਨੂੰ ਪ੍ਰਦੂਸ਼ਣ ਦੇ ਅਸਲ ਕਾਰਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਬੁਲਾਰਿਆਂ ਨੇ ਜ਼ਮੀਨੀ ਰਿਕਾਰਡ ਦੀ ਸ਼ੱਕੀ ਮੈਪਿੰਗ ਦਾ ਬਹਾਨਾ ਬਣਾ ਕੇ 70 ਹਜ਼ਾਰ ਕਿਸਾਨਾਂ ਦੀ ਝੋਨੇ ਦੀ ਅਦਾਇਗੀ ਰੋਕਣ ਦੀ ਨਿਖੇਧੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀ ਅਦਾਇਗੀ ਦੋ ਦਿਨ ਵਿਚ ਦਿੱਤੀ ਜਾਵੇ ਨਹੀਂ ਸਬੰਧਿਤ ਅਧਿਕਾਰੀਆਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਵਫ਼ਦ 17 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੰਡੀਗੜ੍ਹ ਵਿੱਚ ਮਿਲੇਗਾ।
ਸੰਘਰਸ਼ ਦੀ ਪਹਿਲੀ ਵਰ੍ਹੇਗੰਢ ਮਨਾਉਣ ਦੀ ਅਪੀਲ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਭਾਰਤੀ ਕਿਸਾਨਾਂ ਦੇ ਇਤਿਹਾਸਕ ਵਿਰੋਧ ਪ੍ਰਦਰਸ਼ਨ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਕੌਮਾਂਤਰੀ ਕਿਸਾਨ ਸੰਗਠਨਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਰਪੋਰੇਟਾਂ ਅਤੇ ਖੇਤੀ ਪ੍ਰਣਾਲੀਆਂ ਵਿਰੁੱਧ ਸੰਘਰਸ਼ ਕਿਸਾਨਾਂ ਦੀ ਸੁਰੱਖਿਆ ਲਈ ਵਿਆਪਕ ਲੜਾਈ ਹੈ। ਅਖੌਤੀ ਵਿਕਸਤ ਸੰਸਾਰ ਵਿੱਚ, ਕਿਸਾਨ ਦੁਖੀ ਹਨ ਅਤੇ ਕਾਰਪੋਰੇਟੀਕਰਨ ਭੋਜਨ ਤੇ ਖੇਤੀ ਪ੍ਰਣਾਲੀਆਂ ਨੇ ਉਨ੍ਹਾਂ ਨੂੰ ਗਰੀਬ ਤੇ ਕਮਜ਼ੋਰ ਬਣਾ ਦਿੱਤਾ ਹੈ। ਮੋਰਚੇ ਨੇ ਕਿਹਾ, ‘ਸਾਡੀ ਲੜਾਈ ਕਿਸਾਨਾਂ-ਮਜ਼ਦੂਰਾਂ ਨੂੰ ਬਚਾਉਣ ਲਈ ਹੈ।’ ਮੋਰਚੇ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਮੋਰਚਾ ਨੇ ਕਿਹਾ ਕਿ ਲਖਨਊ ਵਿੱਚ 22 ਨਵੰਬਰ ਦੀ ਕਿਸਾਨ ਮਹਾਪੰਚਾਇਤ ਅਤੇ 26 ਨਵੰਬਰ ਨੂੰ ਸੂਬਾ ਪੱਧਰੀ ਰੈਲੀਆਂ ਅਤੇ ਵਿਰੋਧ ਪ੍ਰਦਰਸ਼ਨਾਂ ਲਈ ਕਈ ਥਾਵਾਂ ’ਤੇ ਯੋਜਨਾਬੰਦੀ ਅਤੇ ਲਾਮਬੰਦੀ ਮੀਟਿੰਗਾਂ ਚੱਲ ਰਹੀਆਂ ਹਨ। ਮੱਧ ਪ੍ਰਦੇਸ਼ ਲਈ ਅਜਿਹੀ ਹੀ ਇੱਕ ਯੋਜਨਾ ਮੀਟਿੰਗ ਭਲਕੇ ਹੋਣੀ ਹੈ।