ਆਤਿਸ਼ ਗੁਪਤਾ
ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ ਦੋ ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਵਿੱਚ 1500 ਕਰੋੜ ਅਤੇ ਮੁਹਾਲੀ ਵਿੱਚ 500 ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਨਿਵੇਸ਼ ਨਾਲ ਔਰਤਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1 ਲੱਖ 40 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਹੋ ਚੁੱਕਾ ਹੈ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਧਾਗੇ ਦੇ ਕਾਰੋਬਾਰ ਦਾ ਵਿਸਥਾਰ ਕਰਨ ਦੇ ਨਾਲ-ਨਾਲ ਆਪਣੀਆਂ ਮੌਜੂਦਾ ਟੈਕਸਟਾਈਲ ਸਮਰੱਥਾਵਾਂ ਨੂੰ ਵਧਾਏਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਾਤਾਵਰਨ-ਅਨੁਕੂਲ ਅਤੇ ਕੁਸ਼ਲ ਉਤਪਾਦਨ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਰਾਹੀਂ ਕਾਗਜ਼ ਨਿਰਮਾਣ ਉਦਯੋਗ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਟੈਕਸਟਾਈਲ ਦੇ ਨਾਲ-ਨਾਲ ਸਟੀਲ ਕੰਪਨੀਆਂ ਵੀ ਵੱਡੀ ਗਿਣਤੀ ਵਿੱਚ ਕਾਬਜ਼ ਹੋ ਰਹੀਆਂ ਹਨ।
ਜਨਵਰੀ ਵਿੱਚ ਲਿਆਵਾਂਗੇ ਸਨਅਤੀ ਨੀਤੀ: ਅਰੋੜਾ
ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਵਿੱਚ ਸੂਬੇ ਲਈ ਨਵੀਂ ਸਨਅਤੀ ਨੀਤੀ ਲਿਆਂਦੀ ਜਾਵੇਗੀ ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਉਦਯੋਗਿਕ ਖੇਤਰਾਂ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਨੀਤੀ ਬਣਾਉਣ ਲਈ ਵੱਖ-ਵੱਖ ਸਨਅਤ ਨਾਲ ਸਬੰਧਤ 24 ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਦੀਆਂ ਸਿਫਾਰਿਸ਼ਾਂ ਦਾ ਲਗਾਤਾਰ ਮੰਥਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਮੇਟੀਆਂ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਜਾਵੇਗੀ।

