ਜਸਵੰਤ ਜੱਸ
ਫ਼ਰੀਦਕੋਟ, 8 ਸਤੰਬਰ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੁੜੀਆਂ ਵਾਲੇ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਵਿਦਿਆਰਥਣ ਨੂੰ ਤੰਗ ਕਰਨ ਵਾਲੇ ਨੌਜਵਾਨ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਬੁਰਜ ਦੁੰਨਾ ਦੀ ਵਿਦਿਆਰਥਣ ਮੈਡੀਕਲ ਕਾਲਜ ਵਿੱਚ ਬੀ.ਐੱਸਸੀ ਨਰਸਿੰਗ ਵਿੱਚ ਤੀਜੇ ਸਾਲ ਦੀ ਪੜ੍ਹਾਈ ਕਰ ਰਹੀ ਸੀ, ਜਿਸ ਨੂੰ ਕਥਿਤ ਤੌਰ ‘ਤੇ ਫ਼ਰੀਦਕੋਟ ਦੇ ਪਿੰਡ ਹਰਦਿਆਲੇਆਣਾ ਦਾ ਨੌਜਵਾਨ ਗੁਰਪਿੰਦਰ ਸਿੰਘ ਤੰਗ-ਪ੍ਰੇਸ਼ਾਨ ਕਰਦਾ ਸੀ। ਜਾਂਚ ਅਫ਼ਸਰ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਢਲੀ ਪੜਤਾਲ ਤੋਂ ਬਾਅਦ ਗੁਰਪਿੰਦਰ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।