ਜਗਤਾਰ ਿਸੰਘ ਲਾਂਬਾ
ਅੰਮ੍ਰਿਤਸਰ, 18 ਮਈ
ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਆਖਿਆ ਕਿ ਜੇਕਰ ਕੋਈ ਸੱਚ ਬੋਲਦਾ ਹੈ ਤਾਂ ਉਹ ਉਨ੍ਹਾਂ ਦਾ ਦੁਸ਼ਮਣ ਬਣ ਜਾਂਦਾ ਹੈ। ਉਨ੍ਹਾਂ ਇੱਕ ਟਵੀਟ ਰਾਹੀਂ ਵਿਧਾਇਕ ਪ੍ਰਗਟ ਸਿੰਘ ਦਾ ਮਾਮਲਾ ਉਭਾਰਦਿਆਂ ਲਿਖਿਆ ਕਿ ਕਾਂਗਰਸ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਲੋਕਾਂ ਦੇ ਮੁੱਦੇ ਉਭਾਰ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਉਹ ਅਜਿਹਾ ਕਰ ਕੇ ਆਪਣੀ ਜਮਹੂਰੀ ਜ਼ਿੰਮੇਵਾਰੀ ਅਤੇ ਸੰਵਿਧਾਨਕ ਹੱਕਾਂ ਦੀ ਵਰਤੋਂ ਕਰ ਰਹੇ ਹਨ, ਪਰ ਇਸ ਵੇਲੇ ਜੇਕਰ ਕੋਈ ਸੱਚ ਬੋਲਦਾ ਹੈ ਤਾਂ ਉਹ ਉਨ੍ਹਾਂ ਦਾ ਦੁਸ਼ਮਣ ਬਣ ਜਾਂਦਾ ਹੈ। ਮੁੱਖ ਮੰਤਰੀ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਸੱਚ ਬੋਲਣ ਵਾਲੇ ਆਪਣੇ ਸਾਥੀਆਂ ਨੂੰ ਡਰਾਉਣਾ-ਧਮਕਾਉਣਾ ਆਪਣੇ ਡਰ ਅਤੇ ਅਸੁਰੱਖਿਆ ਦੀ ਭਾਵਨਾ ਦਾ ਪ੍ਰਗਟਾਵਾ ਹੈ। ਇਸ ਟਵੀਟ ਨਾਲ ਉਨ੍ਹਾਂ ਪ੍ਰਗਟ ਸਿੰਘ ਦੀ ਇੱਕ ਵੀਡੀਓ ਵੀ ਅਪਲੋਡ ਕੀਤੀ ਹੈ, ਜਿਸ ਵਿੱਚ ਉਹ ਡਰਾਉਣ-ਧਮਕਾਉਣ ਬਾਰੇ ਖੁਲਾਸਾ ਕਰ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵਿਧਾਇਕ ਪ੍ਰਗਟ ਸਿੰਘ ਨੇ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਲਾਏ ਸਨ। ਉਂਜ ਵੀ ਵਿਧਾਇਕ ਪ੍ਰਗਟ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਦੇ ਨੇੜੇ ਸਮਝਿਆ ਜਾਂਦਾ ਹੈ।