ਅਤਿਵਾਦੀ ਮੌਡਿਊਲ ਨਾਲ ਜੁੜੇ ਦੋ ਮੁਲਜ਼ਮ ਕਾਬੂ
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀ ਆਈ) ਪਠਾਨਕੋਟ ਨਾਲ ਸਾਂਝੇ ਅਪਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਗੈਂਗਸਟਰ-ਅਤਿਵਾਦੀ ਮੌਡਿਊਲ ਨਾਲ ਜੁੜੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ...
ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀ ਆਈ) ਪਠਾਨਕੋਟ ਨਾਲ ਸਾਂਝੇ ਅਪਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਗੈਂਗਸਟਰ-ਅਤਿਵਾਦੀ ਮੌਡਿਊਲ ਨਾਲ ਜੁੜੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨ ਤੇ ਪੰਜ ਕਾਰਤੂਸਾਂ ਸਣੇ ਪਿਸਤੌਲ ਬਰਾਮਦ ਕੀਤਾ ਹੈ। ਇਸ ਸਬੰਧੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਊਪੁਰ ਅਫਗਾਨਾ (ਗੁਰਦਾਸਪੁਰ) ਅਤੇ ਨਵਪ੍ਰੀਤ ਸਿੰਘ ਵਾਸੀ ਪਿੰਡ ਮਾਛੀਵਾਲ (ਅੰਮ੍ਰਿਤਸਰ) ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਯੂ ਕੇ ਆਧਾਰਤ ਆਪਣੇ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਉਸ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਅਤੇ ਦੋਵਾਂ ਮੁਲਜ਼ਮਾਂ ਨੂੰ ਗੁਰਦਾਸਪੁਰ, ਬਟਾਲਾ ਅਤੇ ਅੰਮ੍ਰਿਤਸਰ ਖੇਤਰ ਵਿੱਚ ਕੁਝ ਵਿਅਕਤੀਆਂ ਦੀ ਰੇਕੀ ਦਾ ਕੰਮ ਸੌਂਪਿਆ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਵਿੱਚ ਦਹਿਸ਼ਤ ਅਤੇ ਸਮਾਜਿਕ ਸ਼ਾਂਤੀ ਭੰਗ ਕਰਨ ਲਈ ਕਤਲ ਦੀ ਸਾਜ਼ਿਸ਼ ਘੜ ਰਹੇ ਸਨ। ਪਹਿਲਾਂ ਇਸੇ ਨੈੱਟਵਰਕ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕੋਲੋਂ ਹੱਥ ਗੋਲਾ ਅਤੇ ਪਿਸਤੌਲ ਬਰਾਮਦ ਹੋਇਆ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਐੱਸ ਐੱਸ ਓ ਸੀ ਦੇ ਏ ਆਈ ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਅਪਰੇਸ਼ਨ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ ’ਤੇ ਐੱਸ ਐੱਸ ਓ ਸੀ ਅੰਮ੍ਰਿਤਸਰ ਅਤੇ ਸੀ ਆਈ ਪਠਾਨਕੋਟ ਨੇ ਨੈੱਟਵਰਕ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਅਤੇ ਉਸੇ ਮੌਡਿਊਲ ਨਾਲ ਜੁੜੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ ਆਈ ਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ, ਇਸ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐੱਸ ਐੱਸ ਓ ਸੀ ਅੰਮ੍ਰਿਤਸਰ ਵਿੱਚ ਕੇਸ ਦਰਜ ਹੈ।

