ਜਗਮੋਹਨ ਸਿੰਘ/ਸੰਜੀਵ ਬੱਬੀ
ਰੂਪਨਗਰ/ਚਮਕੌਰ ਸਾਹਿਬ, 2 ਅਕਤੂਬਰ
ਰੂਪਨਗਰ ਪੁਲੀਸ ਨੇ ਆਈਐੱਸਆਈ ਦੀ ਹਮਾਇਤ ਪ੍ਰਾਪਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਨਾਲ ਸਬੰਧਤ ਅਤਿਵਾਦੀ ਕਾਰਵਾਈਆਂ ਵਿਚ ਸ਼ਾਮਲ ਦੋ ਕਾਰਕੁਨਾਂ ਨੂੰ ਚਮਕੌਰ ਸਾਹਿਬ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਕਾਰਕੁਨਾਂ ਦੀ ਪਛਾਣ ਵੀਜਾ ਸਿੰਘ ਉਰਫ ਗਗਨ ਉਰਫ ਗੱਗੂ ਵਾਸੀ ਪਿੰਡ ਚੰਦ ਨਵਾਂ ਮੋਗਾ ਅਤੇ ਰਣਜੋਧ ਸਿੰਘ ਉਰਫ ਜੋਤੀ ਵਾਸੀ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਮੋਗਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਨਾਜਾਇਜ਼ .22 ਬੋਰ ਦਾ ਰਿਵਾਲਵਰ ਅਤੇ .32 ਬੋਰ ਦਾ ਪਿਸਤੌਲ ਸਮਤੇ 21 ਕਾਰਤੂਸ ਵੀ ਬਰਾਮਦ ਕੀਤੇ ਹਨ। ਰੂਪਨਗਰ ਪੁਲੀਸ ਵੱਲੋਂ ਇਹ ਕਾਰਵਾਈ ਫਿਰੋਜ਼ਪੁਰ ਪੁਲੀਸ ਵਲੋਂ ਪਿੰਡ ਆਰਿਫਕੇ ਦੇ ਝੋਨੇ ਦੇ ਖੇਤਾਂ ਤੋਂ ਏਕੇ-47 ਅਸਾਲਟ ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 60 ਕਾਰਤੂਸ ਬਰਾਮਦ ਕੀਤੇ ਜਾਣ ਤੋਂ ਚਾਰ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਪੁਲੀਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਗੈਂਗਸਟਰ ਅਰਸ਼ ਡਾਲਾ ਦੇ ਕਹਿਣ ’ਤੇ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਸੀ ਅਤੇ ਇਸ ਨੂੰ ਪਿੰਡ ਆਰਿਫਕੇ ਤੋਂ ਵੀਜਾ ਸਿੰਘ ਅਤੇ ਰਣਜੋਧ ਸਿੰਘ ਨੇ ਪ੍ਰਾਪਤ ਕਰਨਾ ਸੀ। ਦੱਸਿਆ ਜਾ ਰਿਹਾ ਹੈ ਕਿ ਸੂਬੇ ਭਰ ਵਿੱਚ ਖੁਫੀਆ ਏਜੰਸੀ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਮੁਹਿੰਮ ਅਧੀਨ ਪੁਖਤਾ ਸੂਚਨਾ ਦੇ ਅਧਾਰ ’ਤੇ ਰੂਪਨਗਰ ਪੁਲੀਸ ਵੱਲੋਂ ਸ਼ਨਿਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਚਮਕੌਰ ਸਾਹਿਬ ਖੇਤਰ ਤੋਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਜੁਰਮ ਕਬੂਲ ਕਰ ਲਿਆ ਹੈ। ਐਸਐਸਪੀ ਰੂਪਨਗਰ ਸੰਦੀਪ ਗਰਗ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।