ਸੰਜੀਵ ਬੱਬੀ
ਇੱਥੇ ਰੂਪਨਗਰ ਸੜਕ ’ਤੇ ਸਥਿਤ ਥੀਮ ਪਾਰਕ ਨੇੜੇ ਕੱਲ੍ਹ ਸ਼ਾਮ ਸੜਕ ਹਾਦਸੇ ਵਿੱਚ ਭਾਰਤੀ ਫ਼ੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ (24) ਵਾਸੀ ਪਿੰਡ ਧਾਊਮਨ (ਹਿਮਾਚਲ ਪ੍ਰਦੇਸ਼) ਅਤੇ ਧਮੇਸ਼ਵਰ ਸਿੰਘ (26) ਵਾਸੀ ਪਿੰਡ ਥਾਚੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ ਜਦੋਂਕਿ ਕਾਰ ਦੀ ਪਿਛਲੀ ਸੀਟ ’ਤੇ ਬੈਠਾ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਨਾਲ ਸਬੰਧਤ ਅਸ਼ੀਸ਼ ਕੁਮਾਰ ਜ਼ਖ਼ਮੀ ਹੋ ਗਿਆ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੋਲੈਰੋ ਪਿਕਅੱਪ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀਆਂ ਅਗਲੀਆਂ ਸੀਟਾਂ ’ਤੇ ਬੈਠੇ ਦੋਵਾਂ ਜਣਿਆਂ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਬੋਲੈਰੋ ਪਿਕਅੱਪ ਦੇ ਚਾਲਕ ਪ੍ਰਿੰਸ ਨੇ ਦੱਸਿਆ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਲੁਧਿਆਣਾ ਕਾਲਾ ਤੇਲ ਲਿਜਾ ਰਿਹਾ ਸੀ। ਥੀਮ ਪਾਰਕ ਕੋਲ ਸਾਹਮਣੇ ਤੋਂ ਗ਼ਲਤ ਪਾਸੇ ਆ ਰਹੀ ਕਾਰ ਦੇ ਚਾਲਕ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਪ੍ਰਿੰਸ ਦੇ ਵੀ ਸੱਟਾਂ ਵੱਜੀਆਂ ਹਨ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।