ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਮਾਰਚ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਚਾਰ ਕਿਲੋ ਹੈਰੋਇਨ ਸਣੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਪਾਲ ਸਿੰਘ (37) ਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨ ਤਾਰਨ ਦੇ ਖੇਮਕਰਨ ਨਾਲ ਸਬੰਧਤ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨੀ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫ਼ਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਅਤੇ ਏਸੀਪੀ ਨਾਰਕੋਟਿਕ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਇੰਚਾਰਜ ਸੀਆਈਏ-1 ਇੰਸਪੈਕਟਰ ਅਮੋਲਕਦੀਪ ਸਿੰਘ ਤੇ ਇੰਚਾਰਜ ਸੀਆਈਏ-2 ਐੱਸਆਈ ਰਵੀ ਕੁਮਾਰ ਦੀ ਟੀਮ ਨੇ ਵਿਸ਼ੇਸ਼ ਅਪ੍ਰੇਸ਼ਨ ਚਲਾਇਆ। ਇਸ ਦੌਰਾਨ ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਲਗਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਤੋਂ ਬਾਅਦ, ਇਨ੍ਹਾਂ ਨੂੰ ਸੂਬੇ ਦੇ ਨਸ਼ਾ ਤਸਕਰਾਂ ਨੂੰ ਵੇਚਦੇ ਹਨ।