ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ/ਤਲਵੰਡੀ ਭਾਈ, 23 ਜੂਨ
ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਕਰੀਬ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਤੋਂ ਵੀ ਵੱਧ ਦੱਸੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਸੋਨੂੰ (25) ਵਾਸੀ ਨਿਹੰਗਾਂ ਵਾਲੇ ਝੁੱਗੇ ਥਾਣਾ ਸਦਰ ਫ਼ਿਰੋਜ਼ਪੁਰ ਅਤੇ ਗੁਰਜੀਤ ਸਿੰਘ (24) ਵਾਸੀ ਪਿੰਡ ਖਾਨੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਨਿਰਮਲ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਥਾਣਾ ਘੱਲ ਖੁਰਦ ਪੁਲੀਸ ਨੇ ਪਿੰਡ ਰੱਤਾ ਖੇੜਾ ਦੇ ਸੇਮ ਨਾਲੇ ’ਤੇ ਲਾਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਨਿਰਮਲ ਸਿੰਘ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 4 ਕਿਲੋ 516 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੂਜੇ ਮਾਮਲੇ ਵਿੱਚ ਸੀਆਈਏ ਸਟਾਫ਼ ਦੀ ਪੁਲੀਸ ਪਾਰਟੀ ਨੇ ਮੁਲਜ਼ਮ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਸ ਦੀ ਨਿਸ਼ਾਨਦੇਹੀ ’ਤੇ ਪਿੰਡ ਰੱਖੜੀ ਵਿੱਚ ਬੰਦ ਪਏ ਇੱਕ ਸ਼ੈੱਲਰ ਵਿੱਚੋਂ ਚਾਰ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ ਤਹਿਤ ਦੋ ਕੇਸ ਦਰਜ ਹਨ। ਪੁਲੀਸ ਵੱਲੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਕੋਲੋਂ ਕਈ ਹੋਰ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ ਹੈ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ।