ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਮੁਲਜ਼ਮਾਂ ਨੂੰ ਆਈ ਈ ਡੀ, ਦੋ ਮੋਬਾਈਲਾਂ ਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਸਕੇ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਰਹਿਣ ਵਾਲੇ ਹਨ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਇਹ ਦੋਵੇਂ ਪਾਕਿਸਤਾਨ ਆਧਾਰਿਤ ਹੈਂਡਲਰ ਦੇ ਸੰਪਰਕ ਵਿੱਚ ਸਨ। ਡੀ ਆਈ ਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਭਰਾ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਲਈ ਕਿਸੇ ਅਤਿਵਾਦੀ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ। ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਆਈ ਈ ਡੀ ਬਰਾਮਦ ਕੀਤੀ। ਮੌਕੇ ’ਤੇ ਬੁਲਾਈਆਂ ਫੋਰੈਂਸਿਕ ਟੀਮਾਂ ਨੇ ਆਈ ਈ ਡੀ ਨੂੰ ਨਕਾਰਾ ਕਰ ਦਿੱਤਾ ਹੈ। ਪੁਲੀਸ ਨੇ ਥਾਣਾ ਘਰਿੰਡਾ ਵਿੱਚ ਧਮਾਕਾਖੇਜ਼ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀ ਧਾਰਾ 113 ਤਹਿਤ ਕੇਸ ਦਰਜ ਕਰ ਲਿਆ ਹੈ।

