ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ/ਮਾਨਸਾ, 17 ਸਤੰਬਰ
ਸੁਨਾਮ ਨੇੜਲੇ ਪਿੰਡ ਨਮੋਲ ਅਤੇ ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਦੇ ਦੋ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਨਮੋਲ ਦੇ ਕਿਸਾਨ ਸਿਓਪਾਲ ਸਿੰਘ (50) ਸਿਰ ਕਾਫੀ ਕਰਜ਼ਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਸਿਓਪਾਲ ਸਿੰਘ ਪੁੱਤਰ ਭਰਪੂਰ ਸਿੰਘ ਰੋਮਾਣਾ ਪੱਤੀ ਆਪਣੀ ਤਿੰਨ ਏਕੜ ਜ਼ਮੀਨ ’ਤੇ ਵਾਹੀ ਕਰਕੇ ਪਰਿਵਾਰ ਪਾਲਦਾ ਸੀ। ਕਿਸਾਨ ਦੇ ਸਿਰ ’ਤੇ ਕਰੀਬ ਤਿੰਨ-ਚਾਰ ਲੱਖ ਰੁਪਏ ਦਾ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਸੀ ਜਿਸ ਨੂੰ ਉਹ ਮੋੜਨ ਤੋਂ ਅਸਮਰੱਥ ਸੀ। ਉਸ ਨੇ ਬੀਤੀ ਰਾਤ ਆਪਣੇ ਖੇਤ ’ਚ ਹੀ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਪਿੰਡ ਬੁਰਜ ਢਿੱਲਵਾਂ ਦੇ ਇੱਕ ਨੌਜਵਾਨ ਕਿਸਾਨ ਮਿੰਟੂ ਸਿੰਘ (24) ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਧਨੇਰ ਦੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮਿੰਟੂ ਸਿੰਘ ਮਜ਼ਦੂਰ ਭਾਈਚਾਰੇ ਨਾਲ ਸਬੰਧਤ ਸੀ। ਉਹ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਦੇ ਨਾਲ-ਨਾਲ ਪ੍ਰਾਈਵੇਟ ਨੌਕਰੀ ਵੀ ਕਰਦਾ ਸੀ। ਨੌਜਵਾਨ ਨੇ ਆਰਥਿਕ ਤੰਗੀ ਕਾਰਨ ਹਾਲੇ ਤੱਕ ਵਿਆਹ ਨਹੀਂ ਕਰਵਾਇਆ ਸੀ। ਉਸ ਦੇ ਪਰਿਵਾਰ ਦੇ ਸਿਰ ’ਤੇ ਫ਼ਸਲੀ ਬਰਬਾਦੀ ਕਾਰਨ ਚਾਰ ਲੱਖ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਮਿੰਟੂ ਨੇ ਅੱਜ ਸਲਫਾਸ ਦੀਆਂ ਗੋਲੀਆਂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।