ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਅਕਤੂਬਰ
ਆਪਣੀਆਂ ਮੰਗਾਂ ਲਈ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਪੀਟੀਆਈ 646 ਅਧਿਆਪਕਾਂ ਵਿੱਚੋਂ ਦੋ ਲੜਕੀਆਂ ਬੀਤੀ ਦੇਰ ਰਾਤ ਅਚਾਨਕ ਮੁਹਾਲੀ ਏਅਰਪੋਰਟ ਸੜਕ ’ਤੇ ਸਥਿਤ ਪਿੰਡ ਸੋਹਾਣਾ ਵਾਲੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਈਆਂ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਜਾਣਕਾਰੀ ਅਨੁਸਾਰ ਬੇਰੁਜ਼ਗਾਰ ਪੀਟੀਆਈ 646 ਅਧਿਆਪਕ ਵੱਲੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਤਹਿਤ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਇਨ੍ਹਾਂ ਦੇ ਕੁਝ ਸਾਥੀ ਪਹਿਲਾਂ ਤੋਂ ਹੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਹੋਏ ਹਨ। ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਬੀਤੀ ਰਾਤ ਉਕਤ ਬੇਰੁਜ਼ਗਾਰ ਅਧਿਆਪਕਾਂ ਵਿੱਚੋਂ ਸਿੱਪੀ ਸ਼ਰਮਾ ਤੇ ਵੀਰਪਾਲ ਕੌਰ ਪੈਟਰੋਲ ਨਾਲ ਭਰੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਈਆਂ ਜਦਕਿ ਉਨ੍ਹਾਂ ਦੇ ਸਾਥੀ ਸੂਬਾ ਪ੍ਰਧਾਨ ਗੁਰਲਾਭ ਸਿੰਘ ਦੀ ਅਗਵਾਈ ਹੇਠ ਪਾਣੀ ਵਾਲੀ ਟੈਂਕੀ ਥੱਲੇ ਧਰਨਾ ਲਾ ਕੇ ਬੈਠੇ ਹਨ।
ਦੱਸਣਯੋਗ ਹੈ ਕਿ ਪਿਛਲੀ ਸਰਕਾਰ ਵੇਲੇ ਵੀ ਵੱਡੀ ਗਿਣਤੀ ਬੇਰੁਜ਼ਗਾਰ ਈਟੀਟੀ ਤੇ ਟੈੱਟ ਪਾਸ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਦੇ ਰਹੇ ਹਨ, ਜਿਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਟੈਂਕੀ ਵਾਲੀਆਂ ਪੌੜੀਆਂ ਅੱਧ ਵਿਚਕਾਰੋਂ ਤੁੜਵਾ ਦਿੱਤੀਆਂ ਗਈਆਂ ਸਨ। ਇਸ ਦੇ ਬਾਵਜੂਦ ਰਾਤ 12 ਵਜੇ ਬੇਰੁਜ਼ਗਾਰ ਅਧਿਆਪਕ ਲੱਕੜ ਦੀ ਪੌੜੀ ਲਾ ਕੇ ਟੈਂਕੀ ’ਤੇ ਚੜ੍ਹਨ ਵਿੱਚ ਕਾਮਯਾਬ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲੀਸ ਦੇ ਸਪੈਸ਼ਲ ਸੈੱਲ ਦੇ ਡੀਐੱਸਪੀ ਨਰਿੰਦਰ ਪਾਲ ਚੌਧਰੀ ਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਗੱਲਬਾਤ ਰਾਹੀਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀਆਂ ਵੱਲੋਂ ਸੇਵਾਵਾਂ ਰੈਗੂਲਰ ਕਰਨ ਜਾਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਲਿਖਤੀ ਭਰੋਸਾ ਦਿੱਤੇ ਜਾਣ ਤੱਕ ਧਰਨੇ ’ਤੇ ਡਟੇ ਹੋਏ ਸਨ। ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਨੇ ਦੱਸਿਆ ਕਿ ਸਾਲ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਇਸੇ ਪਾਣੀ ਵਾਲੀ ਟੈਂਕੀ ਤੋਂ ਇਹ ਭਰੋਸਾ ਦੇ ਕੇ ਹੇਠ ਲਾਹਿਆ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਉਸ ਮੌਕੇ ਟੈਂਕੀ ’ਤੇ ਚੜ੍ਹੀ ਸਿੱਪੀ ਸ਼ਰਮਾ ਨੂੰ ਅਰਵਿੰਦ ਕੇਜਰੀਵਾਲ ਨੇ ਆਪਣੀ ਛੋਟੀ ਭੈਣ ਦੱਸਦਿਆਂ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਆਉਣ ’ਤੇ ਕਿਸੇ ਨੂੰ ਧਰਨੇ ਲਾਉਣ ਲਈ ਮਜਬੂਰ ਨਹੀਂ ਹੋਣਾ ਪਵੇਗਾ।