ਫਿਰੋਜ਼ਪੁਰ ਵਿਚ ਅਸ਼ੀਸ਼ ਚੋਪੜਾ ਗਰੋਹ ਦੇ ਦੋ ਮੈਂਬਰ ਹੈਰੋਇਨ ਸਮੇਤ ਗ੍ਰਿਫ਼ਤਾਰ
ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਨੇ ਫਿਰੋਜ਼ਪੁਰ ਪੁਲੀਸ ਨਾਲ ਸਾਂਝੇ ਅਪ੍ਰੇਸ਼ਨ ਵਿਚ ਫਿਰੋਜ਼ਪੁਰ ਤੋਂ ਅਸ਼ੀਸ਼ ਚੋਪੜਾ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਜੋ ਮਈ 2025 ਵਿਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ਵਿੱਚ ਲੋੜੀਂਦਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ। ਏਜੀਟੀਐੱਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ ਪ੍ਰਮੋਦ ਬਾਨ ਨੇ ਅਪਰੇਸ਼ਨ ਸਬੰਧੀ ਕਿਹਾ ਕਿ ਪੱਕੀ ਸੂਚਨਾ ’ਤੇ ਡੀਐੱਸਪੀ ਏਜੀਟੀਐੱਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐੱਫ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਪੁਲੀਸ ਦੇ ਸਹਿਯੋਗ ਨਾਲ ਫਿਰੋਜ਼ਪੁਰ ਦੇ ਪਿੰਡ ਮਧਰੇ ਵਿਖੇ ਰੇਲਵੇ ਕਰਾਸਿੰਗ ਦੇ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਫਿਰੋਜ਼ਪੁਰ ਦੇ ਸੀਨੀਅਰ ਪੁਲੀਸ ਸੁਪਰਡੈਂਟ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਰਸ਼ਪਾਲ ਸਿੰਘ ਦਾ ਪਿਛੋਕੜ ਅਪਰਾਧਿਕ ਹੈ, ਜਿਸ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
