ਐਂਟੀ-ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਪੰਜਾਬ ਨੇ ਹੁਸ਼ਿਆਰਪੁਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡਾਇਰੈਕਟਰ ਜਨਰਲ ਆਫ ਪੁਲੀਸ (ਡੀ ਜੀ ਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਹਨ। ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿੱਚ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾਉਣ ਲਈ ਮੈਡੀਕਲ ਸਟੋਰ ’ਤੇ ਗੋਲੀਆਂ ਚਲਾਉਣ ਦੇ ਕੇਸ ਵਿੱਚ ਲੋੜੀਂਦੇ ਸਨ। ਡੀ ਜੀ ਪੀ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਜਾਰੀ ਹੈ।
ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ ਏ ਜੀ ਟੀ ਐੱਫ ਪ੍ਰਮੋਦ ਬਾਨ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਡੀ ਐੱਸ ਪੀ ਏ ਜੀ ਟੀ ਐੱਫ ਜਲੰਧਰ ਰੇਂਜ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ ਜੀ ਟੀ ਐੱਫ ਦੀਆਂ ਟੀਮਾਂ ਨੇ ਹੁਸ਼ਿਆਰਪੁਰ ਪੁਲੀਸ ਨਾਲ ਦਸੂਹਾ ਦੇ ਪਿੰਡ ਬੋਦਲਾ ਵਿੱਚ ਗੁਰਦੁਆਰਾ ਗਰਨਾ ਸਾਹਿਬ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਥਾਣਾ ਦਸੂਹਾ ’ਚ ਕੇਸ ਦਰਜ ਕੀਤਾ ਗਿਆ ਹੈ।

