ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਨਵੰਬਰ
ਜ਼ਿਲ੍ਹਾ ਮੁਹਾਲੀ ਪੁਲੀਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਅਤੇ ਹਥਿਆਰ ਬਣਾਉਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 20 ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐੱਸਐੱਸਪੀ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਥਿਆਰਾਂ ਦੇ ਸਰੋਤਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੱਧ ਪ੍ਰਦੇਸ਼ ਦੇ ਸੇਦਵਾ ਸ਼ਹਿਰ ਨੇੜਿਉਂ ਪਿੰਡ ਕਲਾਲਦਾ ਤੋਂ ਅਨਿਲ ਰਾਜੂ ਪਾਵਰਾ ਅਤੇ ਅਨਵੀਰ ਜਾਮ ਸਿੰਘ ਪਾਵਰਾ ਵਾਸੀ ਪਿੰਡ ਉਮਰਟੀ (ਮਹਾਰਾਸ਼ਟਰ) ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ .32 ਬੋਰ ਦੇ 20 ਨਾਜਾਇਜ਼ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਦੋਵੇਂ ਮੁਲਜ਼ਮ ਮੱਧ ਪ੍ਰਦੇਸ਼ ਦੇ ਜੰਗਲੀ ਇਲਾਕੇ ਵਿੱਚ ਛੋਟੀਆਂ ਬਸਤੀਆਂ ਵਿੱਚ ਨਾਜਾਇਜ਼ ਅਸਲਾ ਬਣਾਉਂਦੇ ਸਨ ਅਤੇ ਦੇਸ਼ ਵਿੱਚ ਅਪਰਾਧਿਕ ਗਤੀਵਿਧੀਆਂ ਕਰਦੇ ਸਨ। ਉਨ੍ਹਾਂ ਵੱਲੋਂ ਗੈਂਗਸਟਰਾਂ ਨੂੰ ਇੱਥੋਂ ਹੀ ਅਸਲਾ ਸਪਲਾਈ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਹੁਣ ਤੱਕ ਅਜਿਹੇ 70 ਨਾਜਾਇਜ਼ ਹਥਿਆਰ ਬਰਾਮਦ ਕਰ ਚੁੱਕੀ ਹੈ ਜਿਨ੍ਹਾਂ ਦਾ ਸਿੱਧੇ ਅਤੇ ਅਸਿੱਧੇ ਤੌਰ ‘ਤੇ ਮੱਧ ਪ੍ਰਦੇਸ਼ ਨਾਲ ਹੀ ਲਿੰਕ ਜੁੜਦਾ ਸੀ। ਸੀਆਈਏ ਸਟਾਫ਼ ਮੁਹਾਲੀ ਨੇ ਪਿਛਲੇ ਲੰਮੇ ਸਮੇਂ ਤੋਂ ਖ਼ੁਫ਼ੀਆ ਢੰਗ ਨਾਲ ਇਸ ਗਰੋਹ ਤੱਕ ਪਹੁੰਚ ਕਰਕੇ ਉਕਤ ਕਾਰਵਾਈ ਨੂੰ ਅੰਜਾਮ ਦਿੱਤਾ। ਇਨ੍ਹਾਂ ਮੁਲਜ਼ਮਾਂ ਨੂੰ ਬੀਤੀ 28 ਅਕਤੂਬਰ ਨੂੰ ਖਰੜ ਸਿਟੀ ਥਾਣੇ ਵਿੱਚ ਦਰਜ ਅਸਲਾ ਐਕਟ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਪੁਲੀਸ ਨੇ ਗੈਂਗਸਟਰ ਪਰਮਜੀਤ ਸਿੰਘ ਉਰਫ਼ ਪੰਮਾ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਸੀ।
ਜੇਲ੍ਹ ਵਿੱਚੋਂ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰ ਰਹੇ ਹਨ ਗੈਂਗਸਟਰ
ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਤਰਨ ਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੁਰਕੀਰਤ ਸਿੰਘ ਅਤੇ ਰਵੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉਪਰ ਜੇਲ੍ਹ ਦੇ ਅੰਦਰ ਦੀ ਵੀਡੀਓ ਅਪਲੋਡ ਕੀਤੀ ਗਈ ਹੈ। ਇਹ ਜੇਲ੍ਹ ਗੈਂਗਸਟਰਾਂ ਨੂੰ ਵੀਆਈਪੀ ਸਹੂਲਤਾਂ ਦੇਣ ਨੂੰ ਲੈ ਕੇ ਪਹਿਲਾਂ ਵੀ ਚਰਚਾ ਵਿੱਚ ਰਹੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਨਾਲ ਜੇਲ੍ਹ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਨੂੰ ਜੇਲ੍ਹ ਅੰਦਰ ਮੋਬਾਈਲ ਅਤੇ ਨਸ਼ਾ ਸਪਲਾਈ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।