ਪੱਤਰ ਪ੍ਰੇਰਕ
ਰੂਪਨਗਰ, 29 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਕੇਂਦਰੀ ਸਹਿਕਾਰੀ ਬੈਂਕ ਰੂਪਨਗਰ ਵਿੱਚ 1,24,46,547 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ 2011 ਤੋਂ 2016 ਤੱਕ ਬੈਂਕ ਵਿੱਚ ਤਾਇਨਾਤੀ ਦੌਰਾਨ ਬੈਂਕ ਮੈਨੇਜਰਾਂ ਅਤੇ ਹੋਰ ਮੁਲਾਜ਼ਮਾਂ ਦੇ ਖਾਤਿਆਂ ਦੇ ਆਈਡੀਜ਼, ਪਾਸਵਰਡ ਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰ ਕੇ ਵੱਡੀ ਰਕਮ ਦਾ ਘਪਲਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਨੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਕੇ ਧੋਖਾਧੜੀ ਵਾਲੇ ਪੈਸੇ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਸਨ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਸਹਿਕਾਰੀ ਬੈਂਕ ਵੱਲੋਂ ਕੀਤੀ ਗਈ ਅੰਦਰੂਨੀ ਜਾਂਚ ਵਿੱਚ ਵੀ ਬਿਕਰਮਜੀਤ ਸਿੰਘ ਨੂੰ ਮੁਲਜ਼ਮ ਠਹਿਰਾਇਆ ਗਿਆ ਸੀ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਲੁਧਿਆਣਾ ਵਿੱਚ ਵਿਜੀਲੈਂਸ ਬਿਓਰੋ ਦੇ ਥਾਣੇ ਵਿੱਚ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।