ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਬੀਕੇਯੂ ਏਕਤਾ (ਉਗਰਾਹਾਂ) ਨਾਲ ਸਬੰਧਤ ਪਿੰਡ ਉਭਾਵਾਲ ਦੇ ਕਿਸਾਨ ਵਰਿੰਦਰ ਸਿੰਘ ਢੀਂਡਸਾ (ਰਿੰਕੂ) ਦੀ ਦਿੱਲੀ ਦੀ ਟਿਕਰੀ ਹੱਦ ’ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਿਸਾਨ ਵਰਿੰਦਰ ਸਿੰਘ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ’ਚ ਸ਼ਾਮਲ ਹੋਣ ਲਈ ਟਿਕਰੀ ਗਿਆ ਸੀ। ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਵਰਿੰਦਰ ਸਿੰਘ ਦੀ ਦੇਹ ਸਥਾਨਕ ਸਿਵਲ ਹਸਪਤਾਲ ਵਿੱਚ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਬਣਦਾ ਮੁਆਵਜ਼ਾ 10 ਲੱਖ ਰੁਪਏ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫ਼ੀ ਦਾ ਐਲਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।