ਖੇਤਰੀ ਪ੍ਰਤੀਨਿਧ
ਬਰਨਾਲਾ, 7 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਇਥੇ ਹੋਈ ਮੀਟਿੰਗ ਵਿੱਚ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬਰਨਾਲਾ ਵਿੱਚ ਸੂਬਾ ਪੱਧਰੀ ਸਮਾਗਮ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਸ੍ਰੀ ਉਗਰਾਹਾਂ ਨੇ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਮਾਨ ਵਰਗੇ ਮੌਕਾਪ੍ਰਸਤ ਸਿਆਸੀ ਆਗੂਆਂ ਤੇ ਹਕੂਮਤਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨੂੰ ਫ਼ਿਰਕੂ ਤੇ ਜਾਤਪਾਤੀ ਨਫ਼ਰਤਾਂ ਦੀ ਭੇਟ ਚਾੜ੍ਹਨ ਦੇ ਕੋਝੇ ਯਤਨਾਂ ਨੂੰ ਨਾਕਾਮ ਕੀਤਾ ਜਾਵੇਗਾ। ਇਸ ਦੌਰਾਨ ਪਾਸ ਕੀਤੇ ਗਏ ਮਤੇ ਰਾਹੀਂ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 12, 13, 14 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨੇ ਰਾਤ ਲਾਏ ਜਾ ਰਹੇ ਧਰਨੇ ਦੀ ਹਮਾਇਤ ਦਾ ਐਲਾਨ ਕੀਤਾ ਗਿਆ।