DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉਮਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ

ਕੇਂਦਰ ਵੱਲੋਂ ਜੰਮੂ ਕਸ਼ਮੀਰ ਤੋਂ ਨਹਿਰ ਜ਼ਰੀਏ ਪਾਣੀ ਦੇਣ ਦੀ ਤਜਵੀਜ਼
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 20 ਜੂਨ

Advertisement

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਿੰਧ ਪ੍ਰਣਾਲੀ ਜ਼ਰੀਏ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਹੈ ਜਿਸ ਮਗਰੋਂ ਪੰਜਾਬ ’ਚ ਸਿਆਸੀ ਮਾਹੌਲ ਮੁੜ ਭਖ ਗਿਆ ਹੈ। ਪਾਣੀਆਂ ਨੂੰ ਲੈ ਕੇ ਪੰਜਾਬ ਦਾ ਪਹਿਲਾਂ ਹੀ ਗੁਆਂਢੀ ਸੂਬਿਆਂ ਨਾਲ ਕਿਸੇ ਨਾ ਕਿਸੇ ਮੁੱਦੇ ’ਤੇ ਵਿਵਾਦ ਰਿਹਾ ਹੈ। ਹੁਣ ਜਦੋਂ ਕੇਂਦਰ ਸਰਕਾਰ ਦੇ ਪ੍ਰਸਤਾਵ ਅਨੁਸਾਰ ਜੰਮੂ ਕਸ਼ਮੀਰ ਤੋਂ ਵਾਧੂ ਪਾਣੀ 113 ਕਿਲੋਮੀਟਰ ਲੰਬੀ ਨਹਿਰ ਬਣਾ ਕੇ ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਉਮਰ ਅਬਦੁੱਲਾ ਨੇ ਨਵਾਂ ਸਟੈਂਡ ਲੈ ਲਿਆ ਹੈ।

ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਪਿਛਲੇ ਦਿਨੀਂ ਪੰਜਾਬ ਦੌਰੇ ਦੌਰਾਨ ਕਿਹਾ ਸੀ ਕਿ ਸਿੰਧ ਜਲ ਸੰਧੀ ਦਾ ਪਾਣੀ ਉੱਤਰੀ ਸੂਬਿਆਂ ਨੂੰ ਦਿੱਤਾ ਜਾਵੇਗਾ। ਕੇਂਦਰੀ ਜਲ ਸਰੋਤ ਮੰਤਰਾਲੇ ਪਿਛਲੇ ਕੁੱਝ ਸਮੇਂ ਤੋਂ ਨਵੀਂ ਨਹਿਰ ਬਣਾਉਣ ਦੀ ਤਜਵੀਜ਼ ਬਣਾ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਖ ਦਿੱਤਾ ਹੈ ਕਿ ਉਨ੍ਹਾਂ ਕੋਲ ਤਾਂ ਖ਼ੁਦ ਪਾਣੀ ਨਹੀਂ ਹੈ ਅਤੇ ਉਹ ਪੰਜਾਬ ਨੂੰ ਪਾਣੀ ਕਿਉਂ ਦੇਣਗੇ। ਅਬਦੁੱਲਾ ਨੇ ਕਿਹਾ ਕਿ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ।

ਉਨ੍ਹਾਂ ਤਰਕ ਦਿੱਤਾ ਕਿ ਜੰਮੂ ਵਿੱਚ ਪਹਿਲਾਂ ਹੀ ਸੋਕੇ ਵਰਗੀ ਸਥਿਤੀ ਬਣੀ ਹੋਈ ਹੈ। ਅਬਦੁੱਲਾ ਨੇ ਸ਼ਾਹਪੁਰ ਕੰਡੀ ਡੈਮ ਦਾ ਹਵਾਲਾ ਦਿੱਤਾ ਕਿ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਰੋਕਣ ਵਾਸਤੇ ਰਾਵੀ ਦਰਿਆ ’ਤੇ ਡੈਮ ਬਣਾਇਆ ਗਿਆ ਹੈ। ਉਨ੍ਹਾਂ ਦੇ ਇਸ ਰੁਖ ’ਤੇ ਪੰਜਾਬ ਸਰਕਾਰ ਦਾ ਹਾਲੇ ਤੱਕ ਅਧਿਕਾਰਤ ਬਿਆਨ ਨਹੀਂ ਆਇਆ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਮਰ ਅਬਦੁੱਲਾ ਦਾ ਪੈਂਤੜਾ ਪੰਜਾਬ ਨਾਲ ਇੱਕ ਹੋਰ ਅਨਿਆਂ ਦਾ ਯਤਨ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੰਧ ਸਮਝੌਤੇ ਦੇ ਪਾਣੀਆਂ ਦੀ ਵੰਡ ਵੇਲੇ ਪੰਜਾਬ ਨਾਲ ਉਸ ਵੇਲੇ ਦੀ ਇੰਦਰਾ ਗਾਂਧੀ ਸਰਕਾਰ ਵੱਲੋਂ ਕੀਤੇ ਇਤਿਹਾਸਕ ਅਨਿਆਂ ਨੂੰ ਦਰੁਸਤ ਕਰੇ। ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਸ ਵੇਲੇ ਦੀ ਇੰਦਰਾ ਗਾਂਧੀ ਸਰਕਾਰ ਨੇ ਗੈਰ ਰੀਪੇਰੀਅਨ ਰਾਜ ਰਾਜਸਥਾਨ ਨੂੰ ਦਰਿਆਈ ਪਾਣੀਆਂ ਦਾ ਵੱਡਾ ਹਿੱਸਾ ਦੇ ਕੇ ਪੰਜਾਬ ਨਾਲ ਵੱਡਾ ਅਨਿਆਂ ਕੀਤਾ ਸੀ। ਉਨ੍ਹਾਂ ਕਿਹਾ ਕਿ ਹਰ ਵਾਰ ਦਰਿਆਈ ਪਾਣੀ ਖੋਹਣ ਦਾ ਅਨਿਆਂ ਪੰਜਾਬ ਨਾਲ ਹੀ ਹੁੰਦਾ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਲਈ ਆਪਣੇ ਜ਼ਮੀਨੀ ਪਾਣੀ ਗੁਆ ਲਏ ਅਤੇ ਹੁਣ ਦਰਿਆਵਾਂ ਵਿੱਚ ਪਾਣੀ ਦੀ ਮਾਤਰਾ ਕਾਫ਼ੀ ਘੱਟ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਸਿੰਧ ਜਲ ਸਮਝੌਤੇ ਦੇ ਪ੍ਰਾਜੈਕਟ ਤੋਂ ਵਾਧੂ ਪਾਣੀ ਦੇਣਾ ਯਕੀਨੀ ਬਣਾਵੇ। ਚੀਮਾ ਨੇ ਉਮਰ ਅਬਦੁੱਲਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਖ਼ਤਰਨਾਕ ਬਿਆਨ ਜਾਰੀ ਨਾ ਕਰਨ।

ਵੜਿੰਗ ਵੱਲੋਂ ਉਮਰ ਦੇ ਬਿਆਨ ਦੀ ਨਿੰਦਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਆਪਣੇ ਸੂਬੇ ਦੇ ਤਿੰਨ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣ ਦੇ ਦਿੱਤੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਹੈ। ਵੜਿੰਗ ਨੇ ਕਿਹਾ, ‘‘ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਟਿੱਪਣੀਆਂ ਕਰਨਾ ਸ਼ੋਭਾ ਨਹੀਂ ਦਿੰਦਾ ਹੈ ਕਿਉਂਕਿ ਨਹਿਰਾਂ ਬਣਾਉਣ ਦਾ ਪ੍ਰਸਤਾਵ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਬਚਾਉਣ ਲਈ ਸੀ।’’ ਉਨ੍ਹਾਂ ਕਿਹਾ ਕਿ ਇਹ ਬਿਆਨ ਸਿਰਫ਼ ਪੱਖਪਾਤੀ ਸਿਆਸੀ ਬਿਆਨਬਾਜ਼ੀ ਦੀ ਝਲਕ ਦਿੰਦਾ ਹੈ ਜਦੋਂ ਕਿ ਮੁੱਦਾ ਰਾਸ਼ਟਰੀ ਹਿੱਤ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਪੜਾਅ ’ਤੇ ਅਜਿਹੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਸਨ।

Advertisement
×