ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਅਪਰੈਲ
ਪੰਜਾਬ ਭਰ ਤੋਂ ਪੁੱਜੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇੱਥੇ ਸਿਖ਼ਰ ਦੁਪਹਿਰੇ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੂਬਾ ਪੱਧਰੀ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਲਈ ‘ਹਰੇ ਪੈੱਨ’ ਲੈ ਕੇ ਪੁੱਜੇ ਸਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਬੇਰੁਜ਼ਗਾਰੀ ਖ਼ਤਮ ਕਰਨ ਲਈ ਹਰਾ ਪੈੱਨ ਦੇਣ ਦੀ ਪੇਸ਼ਕਸ਼ ਵੀ ਕੀਤੀ। ਜਿਉਂ ਹੀ ਪੁਲੀਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਅੱਗੇ ਵਧਣ ਤੋਂ ਰੋਕਿਆ ਤਾਂ ਪੁਲੀਸ ਨਾਲ ਮਾਮੂਲੀ ਖਿੱਚ-ਧੂਹ ਵੀ ਹੋਈ। ਜਾਣਕਾਰੀ ਮੁਤਾਬਕ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਪਹਿਲਾਂ ਸ਼ਹਿਰ ਦੇ ਬੀਐੱਸਐੱਨਐੱਲ ਪਾਰਕ ਵਿੱਚ ਇਕੱਠੇ ਹੋਏ। ਇੱਥੋਂ ਰੋਸ ਮਾਰਚ ਕਰਦੇ ਹੋਏ ਉਹ ਕਰੀਬ ਤਿੰਨ-ਚਾਰ ਕਿਲੋਮੀਟਰ ਦੂਰ ਪਟਿਆਲਾ ਰੋਡ ’ਤੇ ਡਰੀਮਲੈਂਡ ਕਲੋਨੀ ਸਥਿਤ ਮੁੱਖ ਮੰਤਰੀ ਦੀ ਕੋਠੀ ਨੇੜੇ ਪੁੱਜੇ। ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਖ਼ਤ ਨਾਕਾਬੰਦੀ ਕਰ ਕੇ ਵੱਡੀ ਗਿਣਤੀ ’ਚ ਮੁਲਾਜ਼ਮ ਤਾਇਨਾਤ ਸਨ। ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਕਲੋਨੀ ਦੇ ਗੇਟ ਕੋਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਾ ਵਧਣ ਦਿੱਤਾ। ਇਸ ਦੌਰਾਨ ਦੋਵੇਂ ਧਿਰਾਂ ’ਚ ਤਕਰਾਰਬਾਜ਼ੀ ਤੇ ਖਿੱਚ-ਧੂਹ ਵੀ ਹੋਈ। ਇਸ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਉਥੇ ਹੀ ਧਰਨਾ ਲਗਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਸੱਤਾ ਹਾਸਲ ਕਰਦਿਆਂ ਹੀ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਭ ਤੋਂ ਪਹਿਲਾਂ ਮੁੱਖ ਮੰਤਰੀ ਦਾ ‘ਹਰਾ ਪੈੱਨ’ ਬੇਰੁਜ਼ਗਾਰੀ ਦੂਰ ਕਰਨ ਲਈ ਚੱਲੇਗਾ। ਉਨ੍ਹਾਂ ਕਿਹਾ ਕਿ ਅੱਜ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਲਈ ਹਰੇ ਪੈੱਨ ਲੈ ਕੇ ਆਏ ਹਨ ਤਾਂ ਜੋ ਹਰੇ ਪੈੱਨ ਨਾਲ ਮੁੱਖ ਮੰਤਰੀ ਬੇਰੁਜ਼ਗਾਰੀ ਦੂਰ ਕਰ ਸਕਣ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ 6635 ਅਤੇ 2364 ਆਸਾਮੀਆਂ ਅਦਾਲਤੀ ਕੇਸ ਵਿਚ ਫਸੀਆਂ ਹੋਈਆਂ ਹਨ, ਪਰ ‘ਆਪ’ ਸਰਕਾਰ ਵਲੋਂ ਅਦਾਲਤ ’ਚੋਂ ਭਰਤੀਆਂ ਨੂੰ ਬਾਹਰ ਕੱਢਣ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਾ ਸੀ, ਜਿਸ ਸਬੰਧੀ ਹਾਲੇ ਤੱਕ ਆਨਲਾਈਨ ਪੋਰਟਲ ਵੀ ਨਹੀਂ ਖੋਲ੍ਹਿਆ ਗਿਆ। ਧਰਨੇ ਨੂੰ ਕੁਲਦੀਪ ਖੋਖਰ, ਜੱਗਾ ਬੋਹਾ, ਰਾਜਵਿੰਦਰ ਗੁਰਦਾਸਪੁਰ, ਜਰਨੈਲ ਸੰਗਰੂਰ, ਗੁਰਪ੍ਰੀਤ ਗੁਰਾਇਆ, ਨਿਰਮਲ ਜ਼ੀਰਾ ਨੇ ਵੀ ਸੰਬੋਧਨ ਕੀਤਾ।
ਪ੍ਰਸ਼ਾਸਨ ਨੇ ਸਿੱਖਿਆ ਮੰਤਰੀ ਨਾਲ ਮੀਟਿੰਗ ਸਬੰਧੀ ਪੱਤਰ ਸੌਂਪਿਆ
ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ 18 ਅਪਰੈਲ ਨੂੰ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਪੈਨਲ ਮੀਟਿੰਗ ਦਾ ਲਿਖਤੀ ਪੱਤਰ ਯੂਨੀਅਨ ਆਗੂਆਂ ਨੂੰ ਸੌਂਪਿਆ। ਪੱਤਰ ਮਿਲਣ ਮਗਰੋਂ ਬੇਰੁਜ਼ਗਾਰਾਂ ਨੇ ਧਰਨਾ ਸਮਾਪਤ ਕਰ ਦਿੱਤਾ।