ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਮਾਰਚ
ਕਰੀਬ ਢਾਈ ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਅੱਜ ਦਿੱਲੀ-ਲੁਧਿਆਣਾ ਹਾਈਵੇਅ ’ਤੇ ਓਵਰਬਰਿੱਜ ਕੋਲ ਧਰਨਾ ਦਿੰਦਿਆਂ ਆਵਾਜਾਈ ਠੱਪ ਕਰ ਦਿੱਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਾਉਣ ਦੀ ਮੰਗ ਕਰ ਰਹੇ ਹਨ।
ਇਸ ਮੌਕੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਹਰਜਿੰਦਰ ਸਿੰਘ ਝੁਨੀਰ, ਕ੍ਰਿਸ਼ਨ ਸਿੰਘ ਨਾਭਾ, ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਬੇਰੁਜ਼ਗਾਰ ਢਾਈ ਮਹੀਨਿਆਂ ਤੋਂ ਮੋਰਚਾ ਲਗਾ ਕੇ ਬੈਠੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 18 ਮਾਰਚ ਨੂੰ ਕੁਝ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਹ ਮੰਗ ਕਰਦੇ ਹਨ ਕਿ ਬੇਰੁਜ਼ਗਾਰ ਸਾਂਝਾ ਮੋਰਚਾ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਰੁਜ਼ਗਾਰ ਦਾ ਮਸਲਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸਿੱਖਿਆ ਅਤੇ ਸਿਹਤ ਮੰਤਰੀ ਨੂੰ ਪੰਜਾਬ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।