ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ
ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਰੀਦਕੋਟ ਪੁੱਜਣ ਤੋਂ ਪਹਿਲਾਂ ਹੀ ਸਿਹਤ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਦੋ ਆਗੂ ਪਿੰਡ ਸੰਧਵਾਂ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਉਹ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਲਿਖਤੀ ਭਰੋਸਾ ਲੈਣ ਮਗਰੋਂ ਹੀ ਹੇਠਾਂ ਉਤਰੇ। ਉਹ ਲਗਪਗ 5 ਘੰਟੇ ਟੈਂਕੀ ’ਤੇ ਰਹੇ ਤੇ ਸੂਬਾ ਸਰਕਾਰ ਖ਼ਿਲਾਫ਼ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇ ਲਾਉਂਦੇ ਰਹੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਦੀ ਟੈਂਕੀ ਉਸ ਥਾਂ ਤੋਂ 4 ਕਿਲੋਮੀਟਰ ਦੀ ਦੂਰੀ ’ਤੇ ਹੈ ਜਿੱਥੇ ਮੁੱਖ ਮੰਤਰੀ ਦਾ ਹੈਲੀਕਾਪਟਰ ਉਤਰਨਾ ਹੈ।
ਜਾਣਕਾਰੀ ਮੁਤਾਬਕ ਪਿੰਡ ਸੰਧਵਾਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੇ ਦੋ ਆਗੂ ਸਵੇਰੇ 10 ਵਜੇ ਪਾਣੀ ਵਾਲੀ ਟੈਂਕੀ ’ਤੇ ਜਾ ਚੜ੍ਹੇ। ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਤਾ ਲੱਗਣ ’ਤੇ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਆਗੂਆਂ ਨੂੰ ਮਨਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਜੋ ਲਗਪਗ 5 ਘੰਟੇ ਜਾਰੀ ਰਿਹਾ।
ਇਸ ਦੌਰਾਨ ਸੂਬਾ ਕਨਵੀਨਰ ਹਰਜਿੰਦਰ ਸਿੰਘ ਅਤੇ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਮੰਗਾਂ ਖ਼ਾਤਰ ਪਿਛਲੇ ਕਾਫ਼ੀ ਅਰਸੇ ਤੋਂ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਕ ਕੇ ਇਹ ਕਦਮ ਚੁੱਕਣਾ ਪਿਆ ਹੈ। ਇਸ ਮੌਕੇ ਘਟਨਾ ਸਥਾਨ ’ਤੇ ਪਹੁੰਚੇ ਡੀਐੱਸਪੀ ਕੋਟਕਪੂਰਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੰਗ ਅਨੁਸਾਰ ਮੁਲਾਕਾਤ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਤਾਂ ਦੋਵੇਂ ਆਗੂ ਟੈਂਕੀ ਤੋਂ ਹੇਠਾਂ ਉਤਰੇ।