ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਫਰਵਰੀ
ਪੰਜਾਬ ਭਰ ਤੋਂ ਪੁੱਜੇ ਬੇਰੁਜ਼ਗਾਰਾਂ ਵੱਲੋਂ ਪੁਲੀਸ ਦੇ ਬੈਰੀਕੇਡ ਉਖਾੜਦਿਆਂ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੌਰਾਨ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਕਰਨ ਦੀ ਮੰਗ ਕਰ ਰਹੇ ਸਨ। ਪੰਜ ਬੇਰੁਜ਼ਗਾਰ ਜਥੇਬੰਦੀਆਂ ’ਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਦੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਗਾਏ ਪੱਕੇ ਮੋਰਚੇ ਨੂੰ ਅੱਜ ਦੋ ਮਹੀਨੇ ਪੂਰੇ ਹੋਣ ’ਤੇ ਸੂਬਾਈ ਇਕੱਠ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਥੇ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਪਟਿਆਲਾ-ਧੂਰੀ ਬਾਈਪਾਸ ਸੜਕ ਉਪਰ ਬੇਰੁਜ਼ਗਾਰ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਵੱਲੋਂ ਦੋਹਰੀ ਬੈਰੀਕੇਡਿੰਗ ਕੀਤੀ ਹੋਈ ਸੀ। ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਲਈ 16 ਮਾਰਚ ਦੀ ਤਾਰੀਖ਼ ਦਿੱਤੀ ਗਈ ਪਰ ਬੇਰੁਜ਼ਗਾਰਾਂ ਨੇ ਇਸ ਨੂੰ ਨਕਾਰ ਦਿੱਤਾ। ਰੋਹ ਵਿਚ ਆਏ ਬੇਰੁਜ਼ਗਾਰ ਪੁਲੀਸ ਦੇ ਬੈਰੀਕੇਡ ਉਖਾੜ ਕੇ ਅੱਗੇ ਵੱਧ ਗਏ।
ਬੇਰੁਜ਼ਗਾਰ ਸਿੱਖਿਆ ਮੰਤਰੀ ਦੀ ਕੋਠੀ ਦੇ ਐਨ ਨੇੜੇ ਪੁੱਜ ਗਏ ਜਿਥੇ ਪੁਲੀਸ ਨੇ ਸਖ਼ਤ ਨਾਕੇਬੰਦੀ ਕੀਤੀ ਹੋਈ ਸੀ। ਇਥੇ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਰੋਸ ਧਰਨਾ ਲਗਾ ਦਿੱਤਾ। ਰੋਸ ਧਰਨੇ ਨੂੰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਕ੍ਰਿਸ਼ਨ ਸਿੰਘ ਨਾਭਾ, ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰੁਜ਼ਗਾਰ ਨਹੀਂ ਮਿਲ ਜਾਂਦਾ ਉਦੋਂ ਤੱਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 6 ਅਤੇ 7 ਮਾਰਚ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਜੇ ਮੌਜੂਦਾ ਬਜਟ ਸੈਸ਼ਨ ਦੌਰਾਨ ਬੇਰੁਜ਼ਗਾਰਾਂ ਦਾ ਮਸਲਾ ਹੱਲ ਨਾ ਕੀਤਾ ਤਾਂ 23 ਮਾਰਚ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੁਜ਼ਗਾਰ ਪ੍ਰਾਪਤੀ ਲਈ 21 ਮਾਰਚ ਨੂੰ ਮੁੜ ਇਕੱਠ ਕੀਤਾ ਜਾਵੇਗਾ। ਇਸ ਮੌਕੇ ਸਾਂਝੇ ਮੋਰਚੇ ਦੇ ਆਗੂਆਂ ਗਗਨਦੀਪ ਕੌਰ, ਬਲਕਾਰ ਸਿੰਘ ਮਘਾਨੀਆਂ, ਅਮਨ ਸੇਖਾ, ਇਨਕਲਾਬੀ ਲੋਕ ਮੋਰਚਾ ਦੇ ਆਗੂ ਸਵਰਨਜੀਤ ਸਿੰਘ, ਡੀਟੀਐਫ਼ ਦੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਸੰਬੋਧਨ ਕੀਤਾ। ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ 9 ਮਾਰਚ ਦੀ ਪੈਨਲ ਮੀਟਿੰਗ ਦਾ ਲਿਖਤੀ ਪੱਤਰ ਸੌਂਪਿਆ ਗਿਆ ਜਿਸ ਮਗਰੋਂ ਧਰਨਾ ਸਮਾਪਤ ਹੋਇਆ।